
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੰਗਾਂ ਨੂੰ ਲੈ ਕੇ ਐੱਨਐੱਚਐੱਮ ਕਰਮਚਾਰੀਆਂ ਦੀ ਹੜਤਾਲ 16ਵੇਂ ਦਿਨ ਵੀ ਜਾਰੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਐੱਨਐੱਚਐੱਮ ਇੰਪਲਾਇਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਗੁਰਦਾਸਪੁਰ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਗਈ ਹੜਤਾਲ ਬੁੱਧਵਾਰ ਨੂੰ 16ਵੇਂ ਦਿਨ ਪਹੁੰਚ ਗਈ। ਯੂਨੀਅਨ ਪ੍ਰਤੀਨਿਧਾਂ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀ ਹੜਤਾਲ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਅਤੇ ਸਕਾਰਾਤਮਕ ਪ੍ਰਤਿਕ੍ਰਿਆ ਨਹੀਂ ਦਿੱਤੀ ਗਈ ਹੈ।
ਜ਼ਿਲ੍ਹਾ ਐੱਨਐੱਚਐੱਮ ਕਮੇਟੀ ਗੁਰਦਾਸਪੁਰ ਦੇ ਆਗੂਆਂ ਨੇ ਦੱਸਿਆ ਕਿ ਕਰਮਚਾਰੀਆਂ ਦੀ ਹੜਤਾਲ ਕਾਰਨ ਨੈਸ਼ਨਲ ਹੈਲਥ ਮਿਸ਼ਨ ਅਧੀਨ ਚਲਾਏ ਜਾ ਰਹੇ ਕਈ ਪ੍ਰੋਗਰਾਮ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਆਮ ਜਨਤਾ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਤੋਂ ਜਲਦ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। ਐੱਨਐੱਚਐੱਮ ਕਰਮਚਾਰੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ 'ਸਮਾਨ ਕੰਮ ਲਈ ਸਮਾਨ ਵੇਤਨ' ਦੀ ਨੀਤੀ ਅਧੀਨ ਮਾਣਯੋਗ ਤਨਖ਼ਾਹ ਪ੍ਰਦਾਨ ਕਰੇ। ਇਸ ਤੋਂ ਇਲਾਵਾ, ਕਰਮਚਾਰੀਆਂ ਨੇ ਗ੍ਰੈਚਿਊਟੀ, ਲਾਇਲਟੀ ਬੋਨਸ ਅਤੇ ਰਿਟਾਇਰਮੈਂਟ ਉਮਰ ਵਿੱਚ ਵਾਧਾ ਸਮੇਤ ਹੋਰ ਲੰਮੀਆਂ ਪਈਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਐੱਨਐੱਚਐੱਮ ਕਮੇਟੀ ਗੁਰਦਾਸਪੁਰ ਦੇ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਨਹੀਂ ਕੀਤਾ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐੱਨਐੱਚਐੱਮ ਕਰਮਚਾਰੀ ਲੰਮੇ ਸਮੇਂ ਤੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਹੁਣ ਸਰਕਾਰ ਨੂੰ ਉਨ੍ਹਾਂ ਦੇ ਭਵਿੱਖ ਅਤੇ ਅਧਿਕਾਰਾਂ ਸਬੰਧੀ ਉਚਿਤ ਫੈਸਲਾ ਲੈਣਾ ਚਾਹੀਦਾ ਹੈ। ਇਸ ਮੌਕੇ 'ਤੇ ਅਮਨਦੀਪ ਸਿੰਘ, ਡਾ. ਸੰਦੀਪ, ਡਾ. ਗਗਨਦੀਪ ਸਿੰਘ, ਸਾਧੂ ਬਲਹੋਤਰਾ, ਪੂਨਮ, ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਐੱਨਐੱਚਐੱਮ ਕਰਮਚਾਰੀ ਹਾਜ਼ਰ ਸਨ।