ਐੱਸਡੀ ਕਾਲਜ ’ਚ ਸਹੁੰ ਚੁੱਕ ਸਮਾਗਮ ਸਫ਼ਲਤਾਪੂਰਵਕ ਸਪੰਨ ਐੱਸਡੀ ਕਾਲਜ ਵਿੱਚ ਸਹੁੰ ਚੁੱਕ ਸਮਾਗਮ ਸਫ਼ਲਤਾਪੂਰਵਕ ਸਪੰਨ
Publish Date: Wed, 18 Nov 2026 04:55 PM (IST)
Updated Date: Thu, 19 Nov 2026 04:04 AM (IST)
ਜੀਆਰਪੀ- ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਦੀ ਸਹੁੰ ਚੁੱਕਦੇ ਹੋਏ ਵਿਦਿਆਰਥੀ ਤੇ ਸਟਾਫ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੇਨ ਗੁਰਦਾਸਪੁਰ ਵਿੱਚ ਏਕਤਾ ਦਿਵਸ ਦੇ ਮੌਕੇ ਤੇ ਕਾਲਜ ਦੇ ਐੱਨਐੱਸਐੱਸ ਯੂਨਿਟ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਸਾਂਝੇ ਤੌਰ ਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਹਰ ਸਾਲ ਭਾਰਤ ਦੇ ਪਹਿਲੇ ਮੀਤ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਵਸ ਨੂੰ ਕੌਮੀ ਏਕਤਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਵੱਖ-ਵੱਖ ਰਿਆਸਤਾਂ ਨੂੰ ਭਾਰਤੀ ਸੰਘ ’ਚ ਸ਼ਾਮਲ ਕਰਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਿੱਚ ਇਤਿਹਾਸਕ ਭੂਮਿਕਾ ਨਿਭਾਈ। ਇਸ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਦੇਸ਼ ਦੇ ਨਾਗਰਿਕਾਂ ’ਚ ਰਾਸ਼ਟਰੀ ਏਕਤਾ, ਅਖੰਡਤਾ, ਆਪਸੀ ਭਾਈਚਾਰੇ ਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ, ਅਖੰਡਤਾ, ਆਪਸੀ ਭਾਈਚਾਰੇ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ਾਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਰਾਸ਼ਟਰੀ ਏਕਤਾ ਤੇ ਅਖੰਡਤਾ ਕਿਸੇ ਵੀ ਦੇਸ਼ ਦੀ ਮਜ਼ਬੂਤੀ ਦਾ ਆਧਾਰ ਹੁੰਦੇ ਹਨ। ਸਾਨੂੰ ਜਾਤ-ਪਾਤ, ਧਰਮ, ਭਾਸ਼ਾ ਅਤੇ ਖੇਤਰ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇੱਕਜੁੱਟ ਹੋ ਕੇ ਰਹਿਣਾ ਚਾਹੀਦਾ ਹੈ। ਸਮਾਗਮ ਦੌਰਾਨ ਐੱਨਐੱਸਐੱਸ ਯੂਨਿਟ ਦੇ ਇੰਚਾਰਜ ਡਾ. ਸੁਖਵਿੰਦਰ ਕੌਰ ਅਤੇ ਸਮਿਤਾ ਖਜੂਰੀਆ ਨੇ ਵਿਦਿਆਰਥੀਆਂ ਨੂੰ ਏਕਤਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਆਪਸੀ ਸਾਂਝ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਮੈਡਮ ਪ੍ਰਤੀਕਸ਼ਾ ਨੇ ਵੀ ਵਿਦਿਆਰਥੀਆਂ ਨੂੰ ਰਾਸ਼ਟਰੀ ਏਕਤਾ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ’ਚ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅੰਤ ’ਚ ਵਿਦਿਆਰਥੀਆਂ ਤੇ ਹਾਜ਼ਰ ਸਟਾਫ਼ ਮੈਂਬਰਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਦੀ ਸਹੁੰ ਚੁੱਕੀ। ਇਸ ਤਰ੍ਹਾਂ ਇਹ ਸਮਾਗਮ ਵਿਦਿਆਰਥੀਆਂ ’ਚ ਰਾਸ਼ਟਰੀ ਚੇਤਨਾ, ਦੇਸ਼ ਭਗਤੀ ਅਤੇ ਸਮਾਜਿਕ ਸਦਭਾਵਨਾ ਦੀ ਭਾਵਨਾ ਪੈਦਾ ਕਰਨ ’ਚ ਸਹਾਇਕ ਸਾਬਤ ਹੋਇਆ। ਇਸ ਮੌਕੇ 45 ਵਿਦਿਆਰਥਣਾਂ ਹਾਜ਼ਰ ਸਨ।