ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਕੂਲ ਵਿੱਚ ਸਹਿਜ ਪਾਠਾਂ ਦੇ ਭੋਗ ਪਾਏ
Publish Date: Sun, 25 Oct 2026 04:55 PM (IST)
Updated Date: Sun, 25 Oct 2026 04:58 PM (IST)
ਵਿਜੈ ਥਾਪਰ, ਪੰਜਾਬੀ ਜਾਗਰਣ ਬਟਾਲ: ਬਾਬਾ ਬੁੱਢਾ ਸਾਹਿਬ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਉਗਰੇਵਾਲ ਵਿਖੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਧਾਰਮਿਕ ਸਮਾਗਮ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਸਵੇਰ ਦੀ ਅਸੈਂਬਲੀ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਅਤੇ ਇਤਿਹਾਸ ਉੱਤੇ ਬਹੁਤ ਹੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਬੱਚਿਆਂ ਵੱਲੋਂ ਪਹਿਲਾਂ ਆਰੰਭ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਬਹੁਤ ਹੀ ਅਦਬ ਸਤਿਕਾਰ ਨਾਲ ਪਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸੁਖਮਨੀ ਸਾਹਿਬ ਜੀ ਦੇ ਪਾਠ, ਚੌਪਈ ਸਾਹਿਬ ਅਤੇ ਮੂਲ ਮੰਤਰ ਦੇ ਜਾਪ ਕੀਤੇ ਗਏ। ਸਹਿਜ ਪਾਠ ਕਰਨ ਦੀ ਸੇਵਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਜੋਗਿੰਦਰ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸਿਰਪਾਓ ਭੇਟ ਕਰਨ ਦੇ ਨਾਲ ਨਾਲ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ ਅਤੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਗੁਰਬਾਣੀ ਅਤੇ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਾਰੇ ਬੱਚਿਆਂ ਅਤੇ ਸਟਾਫ਼ ਨੂੰ ਪ੍ਰਸ਼ਾਦ ਵਰਤਾਇਆ ਗਿਆ।