ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਸਾਰੇ ਮਾਰੋ ਹੰਭਲਾ : ਛੋਟੇਪੁਰ ਰੋਸ਼ਨੀਆਂ ਦੇ ਤਿਉਹਾਰ ਮੌਕੇ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਸਾਰੇ ਮਾਰੋ ਹੰਭਲਾ: ਛੋਟੇਪੁਰ
Publish Date: Sat, 07 Nov 2026 03:34 PM (IST)
Updated Date: Sun, 08 Nov 2026 04:02 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਦੇਸ਼ ਭਰ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਵੱਲੋਂ ਮਨਾਏ ਜਾ ਰਹੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਹੋਇਆਂ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਪੰਜਾਬ ਅਤੇ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ (ਪੁਨਰ ਸੁਰਜੀਤ) ਨੇ ਕਿਹਾ ਕਿ ਰੋਸ਼ਨੀਆਂ ਦੇ ਤਿਉਹਾਰ ਮੌਕੇ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਦੈਂਤ ਨੂੰ ਖ਼ਤਮ ਕਰਨ ਲਈ ਹੰਭਲਾ ਮਾਰਨ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਦੇ ਛੈਲ-ਛਬੀਲੇ ਗੱਭਰੂਆਂ ਦੀ ਤਾਕਤ ਦੀਆਂ ਧੁੰਮਾਂ ਦੁਨੀਆ ਭਰ ਵਿੱਚ ਪੈਂਦੀਆਂ ਸਨ, ਉੱਥੇ ਹੁਣ ਇਸ ਧਰਤੀ ਦੇ ਨੌਜਵਾਨ ਗਭਰੂ ਨਸ਼ਿਆਂ ਦੀ ਲਪੇਟ ਵਿੱਚ ਆਉਣ ਕਾਰਨ ਸਰੀਰਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇੱਥੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਪੰਜਾਬ ਦੀ ਧਰਤੀ ਤੇ ਨਸ਼ਿਆਂ ਦਾ ਬੋਲਬਾਲਾ ਰਿਹਾ ਉੱਥੇ ਚਾਰ ਮਹੀਨਿਆਂ ਵਿੱਚ ਨਸ਼ਾ ਬੰਦ ਕਰਵਾਉਣ ਦਾ ਝੂਠਾ ਦਾਅਵਾ ਕਰਕੇ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਵੀ ਨਸ਼ਿਆਂ ਦਾ ਪੂਰਾ ਬੋਲਬਾਲਾ ਹੈ। ਅਸੀਂ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਦੀ ਮੁਹਿੰਮ ਦਾ ਰਾਗ ਲਾ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਸਾਨੂੰ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਖ਼ੁਦ ਸਾਰਿਆਂ ਨੂੰ ਇੱਕ ਮੁੱਠ ਹੋਣ ਦੀ ਲੋੜ ਹੈ। ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਹਿੰਦੂ ਭਾਈਚਾਰੇ ਵੱਲੋਂ ਦੀਵਾਲੀ ਦਾ ਤਿਉਹਾਰ ਸ੍ਰੀ ਰਾਮ ਜੀ ਦੇ ਅਯੁੱਧਿਆ ਪੁੱਜਣ ਦੀ ਖੁਸ਼ੀ ਅਤੇ ਸਿੱਖ ਭਾਈਚਾਰੇ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾ ਹੋ ਕੇ ਆਉਣ ਦੀ ਖੁਸ਼ੀ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖਾਂ ਵਿੱਚ ਦੀਵਾਲੀ ਅੰਮ੍ਰਿਤਸਰ ਦੀ ਪ੍ਰਚਲਿਤ ਹੈ, ਜਿਸ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਸ੍ਰੀ ਅੰਮ੍ਰਿਤਸਰ ਦੀ ਦੀਵਾਲੀ ਵੇਖਣ ਲਈ ਆਉਂਦੇ ਹਨ। ਇਸ ਮੌਕੇ ਤੇ ਉਨ੍ਹਾਂ ਨਾਲ ਅਮਨਦੀਪ ਸਿੰਘ ਗਿੱਲ ਅਤੇ ਮਨਮੋਹਨ ਸਿੰਘ ਪੱਖੋਕੇ ਵੀ ਹਾਜ਼ਰ ਸਨ।