ਪਿੰਡ ਮਧਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ ਪਿੰਡ ਮਧਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ
Publish Date: Wed, 07 Oct 2026 04:49 PM (IST)
Updated Date: Wed, 07 Oct 2026 04:50 PM (IST)
ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਧਰਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਮਾਲਕੀ ਦੇ ਦਸਤਾਵੇਜ਼ ਵੰਡੇ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ ਅੱਜ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀੜ੍ਹੀਆਂ ਤੋਂ ਲਾਲ ਲਕੀਰ ਅੰਦਰ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਕੋਲ ਆਪਣੇ ਘਰਾਂ ਦੀ ਕਾਨੂੰਨੀ ਮਾਲਕੀ ਸਬੰਧੀ ਪੱਕੇ ਦਸਤਾਵੇਜ਼ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਮਿਲੇਗਾ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਪੇਂਡੂ ਲੋਕਾਂ ਲਈ ਬਹੁਤ ਮਹੱਤਵਪੂਰਨ ਹੈ। ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੇ ਘਰਾਂ ਸਬੰਧੀ ਕਾਨੂੰਨੀ ਸੁਰੱਖਿਆ ਮਿਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਾਲਕੀ ਸਪਸ਼ਟ ਰਹੇਗੀ। ਇਸ ਤੋਂ ਇਲਾਵਾ ਜਾਇਦਾਦ ਸਬੰਧੀ ਝਗੜਿਆਂ ਨੂੰ ਘਟਾਉਣ, ਬੈਂਕਿੰਗ ਅਤੇ ਹੋਰ ਵਿੱਤੀ ਸਹੂਲਤਾਂ ਪ੍ਰਾਪਤ ਕਰਨ ਅਤੇ ਪਿੰਡਾਂ ਦੇ ਯੋਜਨਾਬੱਧ ਵਿਕਾਸ ਵਿੱਚ ਵੀ ਇਸ ਯੋਜਨਾ ਦਾ ਲਾਭ ਹੋਵੇਗਾ।