- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਾਜ ਮੰਡੀ ਵਿੱਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਪੰਜਾਬ ਸਰਕਾਰ ਵੱਲੋਂ ਜਿੱਥੇ ਝੋਨੇ ਦੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਇਸ ਵੇਲੇ ਝੋਨੇ ਦੀ ਕਟਾਈ ਜ਼ੋਰਾਂ 'ਤੇ ਸ਼ੁਰੂ ਹੋਣ ਦੇ ਨਾਲ ਹੀ ਬਾਰਡਰ ਏਰੀਏ ਨਾਲ ਸੰਬੰਧਿਤ ਮਾਰਕੀਟ ਕਮੇਟੀ ਕਲਾਨੌਰ ਦੀ ਪ੍ਰਮੁੱਖ ਅਨਾਜ ਮੰਡੀ ਕਲਾਨੌਰ ਵਿੱਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ। ਦੂਸਰੇ ਪਾਸੇ ਕਲਾਨੌਰ ਅਨਾਜ ਮੰਡੀ ਵਿੱਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਜ ਮੰਡੀ ਕਲਾਨੌਰ ਦਾ ਦੌਰਾ ਕੀਤਾ ਤਾਂ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਵੇਚ ਤੇਜ਼ੀ ਆਉਣ ਨਾਲ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਝੋਨਾ ਵੇਚਣ ਲਈ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਮੰਡੀ ਦੇ ਫੜ ਝੋਨੇ ਦੀਆਂ ਬੋਰੀਆਂ ਅਤੇ ਝੋਨੇ ਦੇ ਢੇਰਾਂ ਨਾਲ ਭਰੇ ਹੋਏ ਹਨ। ਇਸ ਮੌਕੇ 'ਤੇ ਉਨ੍ਹਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਮੰਗ ਕੀਤੀ ਹੈ ਕਿ ਅਨਾਜ ਮੰਡੀ ਵਿੱਚ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸਾਨ ਆਪਣਾ ਝੋਨਾ ਵੇਚਣ ਲਈ ਲਗਵਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਹੀਂ ਹੁੰਦੀ ਤਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਗਾਉਣ ਲਈ ਥਾਂ ਨਾ ਹੋਣ ਕਰਕੇ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਸ ਮੌਕੇ 'ਤੇ ਆੜ੍ਹਤੀ ਐਸੋਸੀਏਸ਼ਨ ਕਲਾਨੌਰ ਦੇ ਵਾਈਸ ਪ੍ਰਧਾਨ ਗੁਰਦੀਪ ਸਿੰਘ ਬੋਹੜ ਵਡਾਲਾ, ਗੁਰਪਿੰਦਰ ਸਿੰਘ ਕਾਹਲੋਂ, ਗੁਰਨਾਮ ਸਿੰਘ ਬੜੀਲਾ ਆਦਿ ਨੇ ਦੱਸਿਆ ਕਿ ਕਲਾਨੌਰ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲਾਨੌਰ ਨਾਲ ਸੰਬੰਧਿਤ ਆੜ੍ਹਤੀਆਂ ਦੀ ਪਿਛਲੀ ਸੀਜ਼ਨ ਦੀ ਕਰੀਬ 40 ਲੱਖ ਰੁਪਏ ਦੀ ਕਿਰਾਇਆ ਰਾਸ਼ੀ ਜੋ ਲਿਫਟਿੰਗ ਕਰਨ ਵਾਲੇ ਟੈਂਡਰ ਮਾਲਕ ਵੱਲ ਬਕਾਇਆ ਹੈ। ਉਨ੍ਹਾਂ ਕਿਹਾ ਕਿ ਸਮੂਹ ਆੜ੍ਹਤੀਆਂ ਵੱਲੋਂ ਟੈਂਡਰਕਾਰ ਤੋਂ ਪਿਛਲਾ ਕਿਰਾਇਆ ਲੈਣ ਸਬੰਧੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਹੈ। ਇਸ ਮੌਕੇ 'ਤੇ ਵਾਈਸ ਪ੍ਰਧਾਨ ਗੁਰਦੀਪ ਸਿੰਘ ਬੋਹੜ ਵਡਾਲਾ ਅਤੇ ਗੁਰਪਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਸਮੂਹ ਆੜ੍ਹਤੀਆਂ ਨੇ ਫੈਸਲਾ ਕੀਤਾ ਹੋਇਆ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਪਿਛਲੇ ਸਾਲ ਦਾ ਕਿਰਾਇਆ ਟੈਂਡਰਕਾਰ ਵੱਲੋਂ ਉਨ੍ਹਾਂ ਨੂੰ ਨਹੀਂ ਦਿੱਤਾ ਜਾਂਦਾ ਉਸ ਸਮੇਂ ਤੱਕ ਉਸ ਟੈਂਡਰਕਾਰ ਨੂੰ ਝੋਨੇ ਦੀ ਲਿਫਟਿੰਗ ਨਹੀਂ ਕਰਨ ਦਿੱਤੀ ਜਾਵੇਗੀ। ਇਸ ਮੌਕੇ 'ਤੇ ਉਨ੍ਹਾਂ ਪ੍ਰਸ਼ਾਸਨ ਤੋਂ ਇਹ ਵੀ ਮੰਗ ਕੀਤੀ ਕਿ ਝੋਨੇ ਦੀ ਲਿਫਟਿੰਗ ਲਈ ਡਿਫਾਲਟਰ ਟੈਂਡਰਕਾਰ ਦਾ ਟੈਂਡਰ ਰੱਦ ਕਰਕੇ ਨਵਾਂ ਟੈਂਡਰ ਜਾਰੀ ਕੀਤਾ ਜਾਵੇ।
ਇਸ ਮੌਕੇ 'ਤੇ ਮਾਰਕੀਟ ਕਮੇਟੀ ਕਲਾਨੌਰ ਦੇ ਸਕੱਤਰ ਪਵਨ ਕੁਮਾਰ ਬਿਬੋਰੀਆ ਨੇ ਕਿਹਾ ਕਿ ਮਾਰਕੀਟ ਕਮੇਟੀ ਕਲਾਨੌਰ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਵਿੱਚ 71000 ਦੇ ਕਰੀਬ ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਵੱਲੋਂ ਵੱਖ-ਵੱਖ ਏਜੰਸੀਆਂ ਦੇ ਸਬੰਧਤ ਇੰਸਪੈਕਟਰਾਂ ਨੂੰ ਲਿਫਟਿੰਗ ਸੰਬੰਧੀ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ 'ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਸੁੱਕਾ ਝੋਨਾ ਲੈ ਕੇ ਹੀ ਆਉਣ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਬਿਕਰੀ ਮੌਕੇ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।