ਪੈਨਸ਼ਨਰਾਂ ਦੀਆਂ ਬਕਾਇਆ ਕਿਸ਼ਤਾਂ ਤੇ ਮੈਡੀਕਲ ਬਿੱਲ ਜਲਦ ਜਾਰੀ ਕਰਨ ਦੀ ਮੰਗ
ਪੈਨਸ਼ਨਰਾਂ ਦੀਆਂ ਬਕਾਇਆ ਕਿਸ਼ਤਾਂ ਅਤੇ ਮੈਡੀਕਲ ਬਿੱਲਾਂ ਦਾ ਜਲਦ ਭੁਗਤਾਨ ਕੀਤਾ ਜਾਵੇ
Publish Date: Thu, 08 Oct 2026 03:04 PM (IST)
Updated Date: Thu, 08 Oct 2026 03:05 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪੰਜਾਬ ਰੋਡਵੇਜ਼ ਪੈਨਸ਼ਨਰਜ਼ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਪ੍ਰਧਾਨ ਕੁਲਦੀਪ ਰਾਜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਦੀਪ ਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੈਨਸ਼ਨਰ ਵਰਗ ਵਿੱਚ ਰੋਸ ਪਾਇਆ ਜਾ ਰਿਹਾ ਹੈ। ਕੁਲਦੀਪ ਰਾਜ ਨੇ ਕਿਹਾ ਕਿ ਪੰਜਾਬ ਰੋਡਵੇਜ਼ ਬਟਾਲਾ ਦਫ਼ਤਰ ਵੱਲੋਂ ਵੀ ਪੈਨਸ਼ਨਰਾਂ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਲਦ ਤੋਂ ਜਲਦ ਜਾਰੀ ਕੀਤੀਆਂ ਜਾਣ। ਇਸ ਦੇ ਨਾਲ ਹੀ ਲੰਬਿਤ ਪਏ ਮੈਡੀਕਲ ਬਿੱਲਾਂ ਦਾ ਭੁਗਤਾਨ ਵੀ ਤੁਰੰਤ ਕੀਤਾ ਜਾਵੇ, ਤਾਂ ਜੋ ਪੈਨਸ਼ਨਰਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਦਵਾਰਕਾ ਨਾਥ, ਮੋਹਨ ਲਾਲ, ਜਸਬੀਰ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਹਰਭਜਨ ਸਿੰਘ, ਤਰਸੇਮ ਲਾਲ, ਸਤਪਾਲ ਜੋਸ਼ੀ, ਪ੍ਰੀਤਮ ਰਾਮ, ਰੁਲਦੂ ਰਾਮ, ਦਰਸ਼ਨ ਲਾਲ, ਰਜਿੰਦਰ ਸਿੰਘ, ਬਲਵਿੰਦਰ ਸਿੰਘ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।