- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ : ਗੌਤਮ ਸੇਠ ਗੁੱਡੂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਪੰਜਾਬ ਵਿੱਚ ਲੱਗ ਰਹੇ ਲੰਬੇ ਬਿਜਲੀ ਦੇ ਕੱਟਾਂ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਅਤੇ ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਸਥਿਤੀ ਇਸ ਦੇ ਉਲਟ ਦਿਖਾਈ ਦੇ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਗੌਤਮ ਸੇਠ ਗੁੱਡੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਿਜਲੀ ਦੇ ਮਾਮਲੇ ਵਿੱਚ ਆਤਮਨਿਰਭਰ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਇਸ ਦੇ ਬਾਵਜੂਦ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਨਿਯਮਤ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਬਿਜਲੀ ਕੱਟਾਂ ਦਾ ਸਭ ਤੋਂ ਵੱਧ ਪ੍ਰਭਾਵ ਉਦਯੋਗਿਕ ਇਕਾਈਆਂ ਅਤੇ ਆਮ ਪਰਿਵਾਰਾਂ ’ਤੇ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਹਕੀਕਤ ਦਾ ਸਾਹਮਣਾ ਕਰਦਿਆਂ ਲੋਕਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਬਿਜਲੀ ਸਪਲਾਈ ਵਿੱਚ ਆ ਰਹੀ ਸਮੱਸਿਆ ਦਾ ਕਾਰਨ ਕੀ ਹੈ ਅਤੇ ਇਸ ਦੇ ਹੱਲ ਲਈ ਕਿਹੜੇ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ, ਕਿਸਾਨਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਨਿਯਮਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।