ਪੁਲਿਸ ਨੇ ਰੇਲਵੇ ਸਟੇਸ਼ਨ ਬਟਾਲਾ ’ਚ ਚਲਾਈ ਸਰਚ ਮੁਹਿੰਮ ਪੁਲਿਸ ਨੇ ਰੇਲਵੇ ਸਟੇਸ਼ਨ ਬਟਾਲਾ ਵਿਖੇ ਚਲਾਇਆ ਸਰਚ ਅਭਿਆਨ
Publish Date: Sun, 29 Nov 2026 05:35 PM (IST)
Updated Date: Sun, 29 Nov 2026 05:37 PM (IST)
ਸ਼ਾਮ ਤਿਵਾੜੀ/ਰਾਜਨ ਤਰੇਹਨ, ਪੰਜਾਬੀ ਜਾਗਰਣ ਬਟਾਲਾ : ਸਥਾਨਕ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਡੀਐੱਸਪੀ ਸਕਿਓਰਿਟੀ ਅਤੇ ਆਪ੍ਰੇਸ਼ਨ ਕਸਤੂਰੀ ਲਾਲ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਬਟਾਲਾ ਵਿਖੇ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲਿਸ ਟੀਮ ਵੱਲੋ ਰੇਲਵੇ ਸਟੇਸ਼ਨ ਵਿੱਚ ਪਏ ਵੱਖ-ਵੱਖ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਐੱਸਪੀ ਨੇ ਕਿਹਾ ਕਿ ਰੇਲਵੇ ਸਟੇਸ਼ਨ ਇੱਕ ਅਹਿਮ ਜਨਤਕ ਸਥਾਨ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਯਾਤਰੀ ਆਉਂਦੇ ਜਾਂਦੇ ਸਨ। ਇਸ ਲਈ ਇੱਥੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਮੇਂ-ਸਮੇਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਜਨਤਕ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵੀ ਅਜਿਹੇ ਸਰਚ ਅਭਿਆਨ ਚਲਾਏ ਜਾਂਦੇ ਹਨ, ਤਾਂ ਜੋ ਕਿਸੇ ਵੀ ਸ਼ੱਕੀ ਸਰਗਰਮੀ ’ਤੇ ਸਮੇਂ ਸਿਰ ਨਜ਼ਰ ਰੱਖੀ ਜਾ ਸਕੇ। ਡੀਐੱਸਪੀ ਕਸਤੂਰੀ ਲਾਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਖੀਰ ਵਿੱਚ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਸਰਗਰਮੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।