ਛੇ ਲੱਖ ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਗ੍ਰਿਫਤਾਰ, ਦੂਜਾ ਫਰਾਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਛੇ ਲੱਖ ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਗ੍ਰਿਫਤਾਰ, ਦੂਜਾ ਫਰਾਰ
Publish Date: Sat, 08 Aug 2026 05:02 PM (IST)
Updated Date: Sat, 08 Aug 2026 05:05 PM (IST)
—ਇੱਕ ਹੋਰ ਵਿਅਕਤੀ ਨੂੰ ਵੀ ਮਾਮਲੇ ਵਿੱਚ ਕੀਤਾ ਗਿਆ ਨਾਮਜ਼ਦ ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਆਪ੍ਰੇਸ਼ਨ ਪ੍ਰਹਾਰ 4.0 ਤਹਿਤ ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ ਅਤੇ ਨਾਕਾਬੰਦੀ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿਛਲੇ ਦੋ ਦਿਨਾਂ ਵਿੱਚ ਕਈ ਫਰਾਰ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸਦੇ ਨਾਲ ਹੀ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਜਾ ਰਿਹਾ ਹੈ। ਇਸੇ ਅਭਿਆਨ ਤਹਿਤ ਥਾਣਾ ਤਿੱਬੜ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਮਹਿੰਦਰਾ ਬਲੇਰੋ ਪਿਕਅੱਪ ਗੱਡੀ ਵਿੱਚੋਂ 6 ਲੱਖ ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਮੌਕੇ ਤੇ ਵਾਹਨ ਚਾਲਕ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਸਦਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਡੀਐੱਸਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਥਾਣਾ ਤਿੱਬੜ ਦੀ ਪੁਲਿਸ ਨਹਿਰ ਪੁਲ ਡੱਲਾ ਗੋਰੀਆ ਵਿੱਚ ਮੌਜੂਦ ਸੀ। ਇਸੇ ਦੌਰਾਨ ਡੱਲਾ ਗੋਰੀਆ ਸਾਈਡ ਤੋਂ ਉਕਤ ਗੱਡੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਵਿੱਚ ਡਰਾਈਵਰ ਨਾਲ ਬੈਠਾ ਬੱਬੂ ਵਾਸੀ ਟਲਾਣਾ ਅਜਨਾਲਾ ਭੱਜਣ ਵਿੱਚ ਕਾਮਯਾਬ ਹੋ ਗਿਆ। ਗੱਡੀ ਚਾਲਕ ਗੁਰਮੇਜ ਸਿੰਘ ਨੂੰ ਕਾਬੂ ਕਰਕੇ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਉਸ ਵਿੱਚੋਂ 20 ਕੈਨ ਪਲਾਸਟਿਕ ਬਰਾਮਦ ਹੋਏ ਜਿਨ੍ਹਾਂ ਵਿੱਚੋਂ ਛੇ ਲੱਖ ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਇਹ ਸ਼ਰਾਬ ਕਾਹਨੂੰਵਾਨ ਤੋਂ ਵੇਚਣ ਲਈ ਧਾਰੀਵਾਲ ਸਾਈਡ ਲੈ ਕੇ ਜਾ ਰਹੇ ਸਨ। ਮੁਲਜ਼ਮ ਨੇ ਦੱਸਿਆ ਕਿ ਇਹ ਸ਼ਰਾਬ ਉਹ ਮੇਜਰ ਸਿੰਘ ਵਾਸੀ ਮੋਚਪੁਰ ਤੋਂ ਲੈ ਕੇ ਆ ਰਹੇ ਸਨ, ਜਿਸ ਕਾਰਨ ਮੁਲਜ਼ਮ ਮੇਜਰ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਵਿੱਚ ਗ੍ਰਿਫਤਾਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਡੀਐੱਸਪੀ ਨੇ ਦੱਸਿਆ ਕਿ ਆਪ੍ਰੇਸ਼ਨ ਪ੍ਰਹਾਰ 4.0 ਤਹਿਤ ਜ਼ਿਲ੍ਹੇ ਭਰ ਵਿੱਚ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਧੰਧਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਦਿਖਾਈ ਦਿੰਦਾ ਹੈ ਤਾਂ ਇਸ ਦੀ ਤੁਰੰਤ ਸੂਚਨਾ ਨਜ਼ਦੀਕੀ ਪੁਲਿਸ ਥਾਣੇ ਵਿੱਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਨੂੰ ਖ਼ਤਮ ਕੀਤਾ ਜਾ ਸਕਦਾ ਹੈ।