ਕਿਡਜ਼ ਸਕੂਲ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਕਿਡਜ਼ ਇੰਟਰਨੈਸ਼ਨਲ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Publish Date: Mon, 23 Nov 2026 04:19 PM (IST)
Updated Date: Tue, 24 Nov 2026 04:04 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋਚੱਕ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਤੇ ਅਧਾਰਤ ਸ਼ਬਦ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਬੱਚਿਆਂ ਨੇ ਗੁਰੂ ਸਾਹਿਬ ਦੇ ਸੰਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਪ੍ਰਣ ਲਿਆ। ਸਕੂਲ ਨੂੰ ਫੁੱਲਾਂ ਤੇ ਗੁਬਾਰਿਆਂ ਨਾਲ ਸੋਹਣੇ ਢੰਗ ਨਾਲ ਸਜਾਇਆ ਗਿਆ ਸੀ। ਸਮਾਗਮ ਸਕੂਲ ਦੇ ਚੇਅਰਮੈਨ ਅਸ਼ੋਕ ਮਹਾਜਨ ਤੇ ਪ੍ਰਧਾਨ ਮਾਨਵ ਮਹਾਜਨ, ਪ੍ਰਿੰਸੀਪਲ ਵੰਦਨਾ ਗੁਲਾਟੀ ਦੀ ਦੇਖ-ਰੇਖ ਵਿੱਚ ਕਰਵਾਇਆ। ਇਸ ਮੌਕੇ ਚੇਅਰਮੈਨ ਅਸ਼ੋਕ ਮਹਾਜਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਸੱਚਾਈ, ਮਿਹਨਤ ਤੇ ਮਨੁੱਖਤਾ ਦੀ ਸੇਵਾ ਕਰਨੀ ਚਾਹੀਦੀ ਹੈ। ਪ੍ਰਿੰਸੀਪਲ ਵੰਦਨਾ ਗੁਲਾਟੀ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।