30 ਨਵੰਬਰ ਨੂੰ ਐੱਸਐੱਸਪੀ ਦਫ਼ਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ 30 ਨਵੰਬਰ ਨੂੰ ਐੱਸਐੱਸਪੀ ਦਫ਼ਤਰ ਮੂਹਰੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਮੁਕੰਮਲ
Publish Date: Sat, 28 Nov 2026 04:19 PM (IST)
Updated Date: Sat, 28 Nov 2026 04:19 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਇੰਡੀਅਨ ਫੈੱਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ 30 ਨਵੰਬਰ ਨੂੰ ਐੱਸਐੱਸਪੀ ਦਫ਼ਤਰ ਗੁਰਦਾਸਪੁਰ ਮੂਹਰੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਸਬੰਧੀ ਸਥਾਨਕ ਸ਼ਹੀਦ ਕਾਮਰੇਡ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਮੀਟਿੰਗ ਕਰ ਕੇ ਧਰਨੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਧਰਨੇ ਨੂੰ ਸਫ਼ਲ ਬਣਾਉਣ ਲਈ ਅਤੇ ਮਜ਼ਦੂਰਾਂ ਦੀ ਲਾਮਬੰਦੀ ਲਈ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਰਾਜ ਕੁਮਾਰ ਪੰਡੋਰੀ, ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਦੱਸਿਆ ਕਿ ਪਹਿਲਾ ਮਾਮਲਾ ਘੁਰਾਲਾ ਵਾਸੀ ਸੋਮ ਲਾਲ ਨਾਲ ਸਬੰਧਤ ਹੈ, ਜਿਸ ਕੋਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਤੌਰ ’ਤੇ 14 ਲੱਖ ਰੁਪਏ ਦੀ ਠੱਗੀ ਮਾਰੀ ਗਈ। ਆਗੂਆਂ ਅਨੁਸਾਰ ਇਸ ਸਬੰਧੀ ਇੱਕ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਗਿਆ। ਦੂਜਾ ਮਾਮਲਾ ਪੰਡੋਰੀ ਮਹੰਤਾਂ ਦੀ ਇੱਕ ਨਾਬਾਲਗ ਲੜਕੀ ਨਾਲ ਸਬੰਧਿਤ ਦੱਸਿਆ ਗਿਆ। ਤੀਜਾ ਮਾਮਲਾ ਜਾਨਲੇਵਾ ਹਮਲੇ ਅਤੇ ਧੋਖਾਧੜੀ ਨਾਲ ਜੁੜਿਆ ਹੋਇਆ ਹੈ। ਚੌਥਾ ਮਾਮਲਾ ਪਨਿਆੜ ਵਾਸੀ ਦੀਪਕ ਪੁੱਤਰ ਬੂਟਾ ਲਾਲ ਨਾਲ ਸਬੰਧਤ ਹੈ। ਆਗੂਆਂ ਨੇ ਦੱਸਿਆ ਕਿ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ ’ਤੇ 5.50 ਲੱਖ ਰੁਪਏ ਲਏ ਗਏ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਉਕਤ ਮਾਮਲਿਆਂ ਵਿੱਚ ਪੁਲਿਸ ਦੀ ਕਾਰਵਾਈ ਤਸੱਲੀਬਖ਼ਸ਼ ਨਹੀਂ ਰਹੀ ਅਤੇ ਕਥਿਤ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਵਿੱਚ ਹੋ ਰਹੀ ਦੇਰੀ ਕਾਰਨ ਪੀੜਤ ਪਰਿਵਾਰ ਇਨਸਾਫ਼ ਲਈ ਭਟਕ ਰਹੇ ਹਨ। ਇਸ ਮੌਕੇ ਅਮਰੀਸ਼ ਕੁਮਾਰ, ਜਨਕ ਰਾਜ, ਦੀਪਕ ਕੁਮਾਰ ਅਤੇ ਸੋਮ ਲਾਲ ਆਦਿ ਵੀ ਹਾਜ਼ਰ ਸਨ।