- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
30 ਨਵੰਬਰ ਨੂੰ ਐੱਸਐੱਸਪੀ ਦਫ਼ਤਰ ਗੁਰਦਾਸਪੁਰ ਅੱਗੇ ਧਰਨੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ: ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਪੁਲਿਸ ਨਾਲ ਸੰਬੰਧਤ ਚਾਰ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਵੱਲੋਂ ਕੀਤੀ ਜਾ ਰਹੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਐੱਸਐੱਸਪੀ ਦਫ਼ਤਰ ਗੁਰਦਾਸਪੁਰ ਅੱਗੇ ਪੱਕਾ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੀ ਲਾਮਬੰਦੀ ਜੱਥੇਬੰਦੀਆਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ। ਇਸੇ ਲਾਮਬੰਦੀ ਤਹਿਤ ਪੰਡੋਰੀ ਮਹੰਤਾਂ, ਘੁਰਾਲਾ ਅਤੇ ਧਾਰੀਵਾਲ ਵਿਖੇ ਮੀਟਿੰਗਾਂ ਕੀਤੀਆਂ ਗਈਆਂ।
ਇਨ੍ਹਾਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਵਿੱਤ ਸਕੱਤਰ ਜੋਗਿੰਦਰਪਾਲ ਪਨਿਆੜ, ਜ਼ਿਲ੍ਹਾ ਦਫ਼ਤਰ ਸਕੱਤਰ ਜੋਗਿੰਦਰਪਾਲ ਘੁਰਾਲਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਪੁਸ਼ਤਪੁਨਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਵਿੱਚ ਲੱਗੇ ਧਰਨੇ ਵਿੱਚ ਪੁਲਿਸ ਵੱਲੋਂ ਠੱਗ ਏਜੰਟ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਪੁਲਿਸ ਵੱਲੋਂ ਚਾਰ ਮਹੀਨਿਆਂ ਵਿੱਚ ਠੱਗ ਏਜੰਟ ਸੁਨੀਲ ਸਿੰਘ ਖ਼ਿਲਾਫ਼ ਪਰਚਾ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਾਬਾਲਗ ਲੜਕੀ ਨਾਲ ਜ਼ਬਰੀ ਵਿਆਹ ਅਤੇ ਆਧਾਰ ਕਾਰਡ ਨਾਲ ਛੇੜਛਾੜ ਕਰਨ ਦਾ ਮਾਮਲਾ ਹੈ, ਜਿਸ ਵਿੱਚ ਪੰਡੋਰੀ ਮਹੰਤਾਂ ਦੀ ਇੱਕ ਨਾਬਾਲਗ ਲੜਕੀ ਨੂੰ ਵਰਗਲਾ ਕੇ, ਉਸ ਦੇ ਆਧਾਰ ਕਾਰਡ ਨਾਲ ਛੇੜਛਾੜ ਕਰਕੇ ਜ਼ਬਰੀ ਵਿਆਹ ਕਰਵਾਉਣ ਸਬੰਧੀ ਲੜਕੀ ਦੀ ਮਾਂ ਨੇ 29 ਸਤੰਬਰ ਨੂੰ ਲਿਖਤੀ ਦਰਖ਼ਾਸਤ ਦਿੱਤੀ ਸੀ, ਪਰ ਪੁਲਿਸ ਨੇ ਅਜੇ ਤੱਕ ਕੋਈ ਕੇਸ ਦਰਜ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਪਨਿਆੜ ਵਾਸੀ ਦੀਪਕ ਪੁੱਤਰ ਬੂਟਾ ਲਾਲ ਦਾ ਮਾਮਲਾ ਹੈ, ਜਿਸ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 5.50 ਲੱਖ ਰੁਪਏ ਠੱਗੇ ਗਏ ਹਨ, ਜਿਸ ਸਬੰਧੀ ਇੱਕ ਦਰਖ਼ਾਸਤ ਦਿੱਤੀ ਗਈ ਹੈ, ਪਰ ਛੇ ਮਹੀਨੇ ਬੀਤ ਜਾਣ ਉਪਰੰਤ ਵੀ ਉਸ ਏਜੰਟ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੁਲਿਸ ਲਗਾਤਾਰ ਮੁਲਜ਼ਮਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ, ਜਿਸ ਕਾਰਨ ਵੱਖ-ਵੱਖ ਕੇਸਾਂ ਵਿੱਚਲੇ ਇਨ੍ਹਾਂ ਦੋਸ਼ੀਆਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਜੱਥੇਬੰਦੀਆਂ ਵੱਲੋਂ ਵਾਰ-ਵਾਰ ਮਾਮਲੇ ਐੱਸਐੱਸਪੀ ਗੁਰਦਾਸਪੁਰ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਪਰੰਤੂ ਉਨ੍ਹਾਂ ਵੱਲੋਂ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਜੱਥੇਬੰਦੀਆਂ ਅਤੇ ਲੋਕਾਂ ਵਿੱਚ ਰੋਸ ਹੈ। ਇਸ ਲਈ ਉਕਤ ਮਾਮਲਿਆਂ ਵਿੱਚ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ 30 ਨਵੰਬਰ ਨੂੰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ।