ਪ੍ਰੈੱਸ ਕਲੱਬ ਬਟਾਲਾ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਪ੍ਰਧਾਨ ਬੇਰੀ ਪ੍ਰੈੱਸ ਕਲੱਬ ਬਟਾਲਾ ਲੈਜੈਂਡ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਪ੍ਰਧਾਨ ਯੋਗੇਸ਼ ਬੇਰੀ
Publish Date: Sat, 10 Oct 2026 06:23 PM (IST)
Updated Date: Sat, 10 Oct 2026 06:26 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪ੍ਰੈੱਸ ਕਲੱਬ ਬਟਾਲਾ ਲੈਜੈਂਡ ਦੀ ਇੱਕ ਵਿਸ਼ੇਸ਼ ਮੀਟਿੰਗ ਬੀਤੀ ਰਾਤ ਸਥਾਨਕ ਬਟਾਲਾ ਕਲੱਬ ਵਿਖੇ ਕਲੱਬ ਦੇ ਪ੍ਰਧਾਨ ਯੋਗੇਸ਼ ਬੇਰੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਪੱਤਰਕਾਰ ਭਾਈਚਾਰੇ ਦੀਆਂ ਮੁਸ਼ਕਲਾਂ, ਕਲੱਬ ਦੀਆਂ ਗਤੀਵਿਧੀਆਂ ਅਤੇ ਸਮਾਜ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਾਜਿੰਦਰ ਦਰਦੀ, ਨੀਰਜ ਲੂਥਰਾ, ਨਿਤਿਨ ਲੂਥਰਾ, ਅਮਰਜੀਤ ਕਵਾਤਰਾ, ਰਾਕੇਸ਼ ਰੇਖੀ, ਅਜੈ ਰੇਖੀ, ਰਮੇਸ਼ ਨੋਨਾ, ਸੁਖਦੇਵ ਸਿੰਘ, ਸ਼ਿਆਮ ਤਿਵਾੜੀ, ਸੌਰਵ ਉੱਪਲ ਅਤੇ ਵਿੱਕੀ ਮਲਿਕ ਸਮੇਤ ਹੋਰ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਕਲੱਬ ਦੇ ਪ੍ਰਧਾਨ ਯੋਗੇਸ਼ ਬੇਰੀ ਨੇ ਕਿਹਾ ਕਿ ਪ੍ਰੈੱਸ ਕਲੱਬ ਬਟਾਲਾ ਲੈਜੈਂਡ ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ। ਕਲੱਬ ਦਾ ਮੁੱਖ ਉਦੇਸ਼ ਸਮਾਜ ਦੇ ਅਹਿਮ ਮੁੱਦਿਆਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਅਤੇ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਬਿਹਤਰੀ ਲਈ ਯਤਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਲੱਬ ਦੀਆਂ ਗਤੀਵਿਧੀਆਂ ਅਤੇ ਉਦੇਸ਼ਾਂ ਤੋਂ ਪ੍ਰਭਾਵਿਤ ਹੋ ਕੇ ਪੰਜ ਨਵੇਂ ਮੈਂਬਰ ਸੁਖਜੀਤ ਸਿੰਘ, ਰਵੀ ਤਿਵਾੜੀ, ਭੋਪਾਲ ਸਿੰਘ, ਸੋਨੂੰ ਚੌਹਾਨ, ਜੱਸੀ ਅਤੇ ਲੱਕੀ ਕਲੱਬ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਕਲੱਬ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਕਲੱਬ ਭਵਿੱਖ ਵਿੱਚ ਵੀ ਪੱਤਰਕਾਰ ਭਾਈਚਾਰੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ।ਕਲੱਬ ਦੇ ਚੇਅਰਮੈਨ ਰਾਜਿੰਦਰ ਦਰਦੀ ਨੇ ਕਿਹਾ ਕਿ ਪੱਤਰਕਾਰ ਸਮਾਜ ਨਾਲ ਜੁੜੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪੱਤਰਕਾਰਾਂ ਦਾ ਫ਼ਰਜ਼ ਹੈ ਕਿ ਉਹ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ, ਤਾਂ ਜੋ ਸਬੰਧਤ ਸਮੱਸਿਆਵਾਂ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਪੱਤਰਕਾਰ ਭਾਈਚਾਰੇ ਦੀ ਏਕਤਾ ਅਤੇ ਆਪਸੀ ਸਹਿਯੋਗ ਨਾਲ ਸਮਾਜ ਭਲਾਈ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਕਲੱਬ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਕਲੱਬ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਸਤੇ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਮੀਟਿੰਗ ਦੌਰਾਨ ਹਾਜ਼ਰ ਮੈਂਬਰਾਂ ਨੇ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਅਤੇ ਪੱਤਰਕਾਰਾਂ ਵਿਚਕਾਰ ਆਪਸੀ ਤਾਲਮੇਲ, ਏਕਤਾ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।