- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਦਿਆਰਥੀਆਂ ਨੂੰ ਸਹੁੰ ਚੁਕਾਉਂਦੇ ਹੋਏ ਪ੍ਰਿੰਸੀਪਲ ਤੇ ਵਿਦਿਆਰਥੀ।

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ, ਕਾਦੀਆਂ ਵਿਖੇ ਅੱਜ ਸੰਵਿਧਾਨ ਦਿਵਸ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਤੇ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਵਿਧਾਨ ਦਿਵਸ ਦੇ ਮਹੱਤਵ 'ਤੇ ਵਿਚਾਰ ਪੇਸ਼ ਕਰਦਿਆਂ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਅਤੇ ਨਾਲ ਹੀ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ ਦਾ ਪਾਠ ਕਰਨ ਤੋਂ ਇਲਾਵਾ ਸੰਵਿਧਾਨ ਵਿਸ਼ੇ 'ਤੇ ਸੁੰਦਰ ਚਿੱਤਰਕਲਾਵਾਂ ਬਣਾ ਕੇ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਭਾਰਤੀ ਸੰਵਿਧਾਨ ਪ੍ਰਤੀ ਆਪਣੀ ਸਮਝ ਅਤੇ ਜਾਗਰੂਕਤਾ ਨੂੰ ਪ੍ਰਦਰਸ਼ਿਤ ਕੀਤਾ। ਇਸ ਮੌਕੇ ਸਕੂਲ ਵਿੱਚ ਸੰਵਿਧਾਨ ਦੀ ਪ੍ਰਸਤਾਵਨਾ ਤੇ ਉਸ ਦੇ ਮੂਲ ਆਦਰਸ਼ਾਂ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ ਸਾਰੇ ਵਿਦਿਆਰਥੀਆਂ ਅਤੇ ਹਾਜ਼ਰ ਮੈਂਬਰਾਂ ਨੂੰ ਸੰਵਿਧਾਨ ਪ੍ਰਤੀ ਵਫ਼ਾਦਾਰ ਰਹਿਣ ਦੀ ਸਹੁੰ ਚੁਕਾਈ। ਇਸ ਮੌਕੇ ਸਕੂਲ ਡਾਇਰੈਕਟਰ ਐੱਮਐੱਲ ਸ਼ਰਮਾ, ਪ੍ਰਿੰਸੀਪਲ ਅਮਿਤ ਸਿੰਘ ਨੋਗਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਅਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਤੇ ਰਚਨਾਤਮਕ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਦੇਸ਼ ਦੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਆ।