- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਗੁਰਦਾਸਪੁਰ ਦੇ ਹਾਊਸ ਦੀ ਪਹਿਲੀ ਬੈਠਕ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਸ

--ਸ਼ਹਿਰ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਕੂੜੇ ਦੀ ਸਮੱਸਿਆ ਦੇ ਹੱਲ ਲਈ ਵੀ ਹੋਇਆ ਵਿਚਾਰ-ਵਟਾਂਦਰ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਚੋਣਾਂ ਮਗਰੋਂ ਨਗਰ ਕੌਂਸਲ ਗੁਰਦਾਸਪੁਰ ਦੇ ਜੇਤੂ ਕੌਂਸਲਰਾਂ ਦੀ ਪਹਿਲੀ ਹਾਊਸ ਬੈਠਕ ਸੋਮਵਾਰ ਨੂੰ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਦੀ ਅਗਵਾਈ ਵਿੱਚ ਹੋਈ। ਬੈਠਕ ਵਿੱਚ ਨਗਰ ਕੌਂਸਲ ਵਿੱਚ ਠੇਕੇ 'ਤੇ ਚੱਲ ਰਹੇ 158 ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਵਿਧਾਇਕ ਪਾਹੜਾ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਾਰੇ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਕਾਂਗਰਸ ਸਰਕਾਰ ਦੇ ਸਮੇਂ ਠੇਕੇ 'ਤੇ ਲਾਏ ਗਏ ਸਨ ਅਤੇ ਅੱਜ ਉਨ੍ਹਾਂ ਵੱਲੋਂ ਇਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੱਕੇ ਹੋਣ ਵਾਲੇ ਸਾਰੇ ਕਰਮਚਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਪੱਕੇ ਹੋਣ ਨਾਲ ਉਨ੍ਹਾਂ ਦੀ ਤਨਖ਼ਾਹ ਵਧੇਗੀ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਰੇਗੀ। ਪਾਹੜਾ ਨੇ ਕਿਹਾ ਕਿ ਹਾਊਸ ਬੈਠਕ ਵਿੱਚ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ 'ਤੇ ਵੀ ਚਰਚਾ ਕੀਤੀ ਗਈ।
ਪਾਹੜਾ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਨਗਰ ਕੌਂਸਲ ਪ੍ਰਧਾਨ ਅਤੇ ਉਹ ਨਿੱਜੀ ਤੌਰ 'ਤੇ ਕੂੜਾ ਸੁੱਟਣ ਲਈ ਆਪਣੇ ਪੱਧਰ 'ਤੇ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਕਿਸੇ ਵੀ ਚੇਅਰਮੈਨੀ ਆਪਣੇ ਪਰਿਵਾਰਕ ਮੈਂਬਰ ਨੂੰ ਨਹੀਂ ਦਿੱਤੀ, ਹਾਲਾਂਕਿ ਨਗਰ ਕੌਂਸਲ ਪ੍ਰਧਾਨ ਦਾ ਅਹੁਦਾ ਉਨ੍ਹਾਂ ਦੇ ਭਰਾ ਕੋਲ ਹੈ, ਜੋ ਉਨ੍ਹਾਂ ਨੇ ਆਪਣੀ ਹਿੰਮਤ ਅਤੇ ਲੋਕਾਂ ਦੇ ਸਮਰਥਨ ਕਾਰਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜਦੋਂ ਚਾਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਅਧਿਕਾਰੀ ਨਗਰ ਕੌਂਸਲ ਦਾ ਪ੍ਰਬੰਧਕ ਸੀ, ਤਾਂ ਸਰਕਾਰੀ ਆਗੂ ਇਹ ਸਪੱਸ਼ਟ ਕਰਨ ਕਿ ਉਨ੍ਹਾਂ ਚਾਰ ਮਹੀਨਿਆਂ ਵਿੱਚ ਕੂੜਾ ਕਿਸ ਥਾਂ 'ਤੇ ਸੁੱਟਿਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਚਾਰ ਮਹੀਨਿਆਂ ਵਿੱਚ ਵੀ ਕੂੜਾ ਉਨ੍ਹਾਂ ਦੀ ਥਾਂ 'ਤੇ ਹੀ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਕੰਮ ਸਿਰਫ਼ ਸ਼ਹਿਰ ਦਾ ਕੂੜਾ ਇਕੱਠਾ ਕਰਨਾ ਹੈ, ਜਦਕਿ ਉਸ ਨੂੰ ਸੁੱਟਣ ਲਈ ਥਾਂ ਦਾ ਪ੍ਰਬੰਧ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦਾ ਕੰਮ ਹੈ। ਇਸ ਦੇ ਬਾਵਜੂਦ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਕੂੜਾ ਸੁੱਟਣ ਲਈ ਆਪਣੇ ਪੱਧਰ 'ਤੇ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੂੜੇ ਦਾ ਮਾਮਲਾ ਉਨ੍ਹਾਂ ਵਿਧਾਨ ਸਭਾ, ਮੁੱਖ ਮੰਤਰੀ ਅਤੇ ਮੰਤਰੀਆਂ ਕੋਲ ਵੀ ਉਠਾਇਆ।
ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਇਆ ਗਿਆ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਕਾਰਜਕਾਲ ਵਿੱਚ ਪਹਿਲਾਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਸਫ਼ਾਈ ਕਰਮਚਾਰੀਆਂ ਨੂੰ ਆਊਟ ਸੋਰਸ ਅਤੇ ਬਾਅਦ ਵਿੱਚ ਠੇਕੇ 'ਤੇ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਹਾਊਸ ਦੀ ਪਹਿਲੀ ਬੈਠਕ ਵਿੱਚ ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਹੱਕ ਵਿੱਚ ਪ੍ਰਸਤਾਵ ਪਾਸ ਕੀਤਾ ਹੈ। ਬੈਠਕ ਵਿੱਚ ਉਪ ਪ੍ਰਧਾਨ ਸੰਜੀਵ ਬਾਂਟੂ ਅਤੇ ਸਮੂਹ ਪਾਰਸ਼ਦ ਮੌਜੂਦ ਸਨ।
ਸਫ਼ਾਈ ਕਰਮਚਾਰੀ ਯੂਨੀਅਨ ਦੇ ਸਕੱਤਰ ਸੋਨੂੰ ਸਭਰਵਾਲ ਨੇ ਕਿਹਾ ਕਿ ਅੱਜ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਵੱਲੋਂ ਸਮੂਹ ਪਾਰਸ਼ਦਾਂ ਦੇ ਨਾਲ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਇਆ ਗਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਵੱਲੋਂ ਗਰੀਬਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਪਾਇਆ ਗਿਆ ਹੈ।