- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਮਨਜ਼ੂਰ, ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਦਿੱਤੀ ਵਧਾਈ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਨਗਰ ਕੌਂਸਲ ਗੁਰਦਾਸਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਮਨਜ਼ੂਰ ਹੋ ਗਿਆ ਹੈ। ਜਲਦੀ ਹੀ ਇਹ ਕਰਮਚਾਰੀ ਪੱਕੇ ਹੋ ਜਾਣਗੇ। ਇਹ ਜਾਣਕਾਰੀ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦਿੱਤੀ। ਇਸੇ ਖੁਸ਼ੀ ਵਿੱਚ ਸਫ਼ਾਈ ਕਰਮਚਾਰੀਆਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੂੰ ਮੂੰਹ ਮਿੱਠਾ ਕਰਵਾਇਆ। ਪਾਹੜਾ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਪ੍ਰਸਤਾਵ ਸਰਕਾਰ ਕੋਲ ਭੇਜਿਆ ਗਿਆ ਸੀ, ਜਿਸ ਨੂੰ ਮਨਜ਼ੂਰੀ ਮਿਲ ਗਈ ਹੈ।
ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ ਉਨ੍ਹਾਂ ਲਈ ਬੇਹੱਦ ਖੁਸ਼ੀ ਅਤੇ ਸੰਤੋਸ਼ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਲੰਬੇ ਸਮੇਂ ਤੋਂ ਨਗਰ ਕੌਂਸਲ ਵਿੱਚ ਆਪਣੀਆਂ ਸੇਵਾਵਾਂ ਦੇ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਪੱਕਾ ਕਰਵਾਉਣ ਲਈ ਪ੍ਰਸਤਾਵ ਸਰਕਾਰ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ। ਪਾਹੜਾ ਨੇ ਕਿਹਾ ਕਿ ਪੰਜਾਬ ਵਿੱਚ ਇਹ ਪਹਿਲੀ ਨਗਰ ਕੌਂਸਲ ਕਮੇਟੀ ਹੈ, ਜਿਸ ਦੇ ਕਰਮਚਾਰੀਆਂ ਨੂੰ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਾਂਟਰੈਕਟ ’ਤੇ ਰੱਖਿਆ ਗਿਆ ਸੀ। ਉਸੇ ਪ੍ਰਕਿਰਿਆ ਤਹਿਤ ਨਿਯੁਕਤ ਹੋਏ ਇਹ ਕਰਮਚਾਰੀ ਹੁਣ ਨਿਯਮਿਤ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਉਨ੍ਹਾਂ ਦਾ ਅਧਿਕਾਰ ਮਿਲਣ ਨਾਲ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਆ ਮਿਲੇਗੀ ਅਤੇ ਉਹ ਪਹਿਲਾਂ ਨਾਲੋਂ ਵੱਧ ਉਤਸ਼ਾਹ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਸਾਰੇ ਕਰਮਚਾਰੀ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਉਹ ਕਰਮਚਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੇ ਹਨ। ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਉਨ੍ਹਾਂ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ।