19 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਰੋਸ ਪ੍ਰਦਰਸ਼ਨ- ਛੀਨਾ 19 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਰੋਸ ਪ੍ਰਦਰਸ਼ਨ- ਛੀਨਾ
Publish Date: Tue, 15 Sep 2026 04:06 PM (IST)
Updated Date: Tue, 15 Sep 2026 04:08 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਸਰਵ ਆਂਗਣਵਾੜੀ ਵਰਕਰ, ਹੈਲਪਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ 19 ਸਤੰਬਰ ਨੂੰ ਜਗਰੂਪ ਸਿੰਘ ਸੇਖਵਾਂ, ਉਪ ਸੂਬਾ ਪ੍ਰਧਾਨ ਪੰਜਾਬ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿੱਚ ਧਾਰੀਵਾਲ, ਕਾਦੀਆਂ, ਗੁਰਦਾਸਪੁਰ ਅਤੇ ਕਾਹਨੂੰਵਾਨ ਨਾਲ ਸਬੰਧਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਕਰੈੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਾਢੇ ਚਾਰ ਸਾਲ ਤੋਂ ਵੱਧ ਦਾ ਕਾਰਜਕਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਥੇਬੰਦੀ ਨੇ ਮੰਗ ਕੀਤੀ ਕਿ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਜਲਦੀ ਤੋਂ ਜਲਦੀ ਦੁੱਗਣਾ ਕਰੇ ਅਤੇ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਸਾਲਾਨਾ ਇਨਕਰੀਮੈਂਟ 2 ਹਜ਼ਾਰ ਰੁਪਏ ਕਰਨ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟੋ-ਘੱਟ ਉਜਰਤ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ ਜਾਵੇ ਤਾਂ ਜੋ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਸਬੰਧਤ ਹੋਰ ਭਖਦੇ ਮਸਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਜਾ ਸਕੇ।