ਹਰਜਿੰਦਰ ਸਿੰਘ ਖਹਿਰਾ, ਫ਼ਤਹਿਗੜ੍ਹ ਚੂੜੀਆਂ : ਮਜ਼ਦੂਰ ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਬਲਾਕ ਫ਼ਤਹਿਗੜ੍ਹ ਚੂੜੀਆਂ ਵੱਲੋਂ ਦੇਸ਼ ਪੱਧਰੀ ਤੇ 16 ਜਨਤਕ ਜਥੇਬੰਦੀਆਂ ਨੇ ਮੁਜ਼ਾਹਰੇ 'ਚ ਹਿੱਸਾ ਲੈਂਦੇ ਹੋਏ ਲਖਵਿੰਦਰ ਸਿੰਘ ਮੰਜਿਆਂ ਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਕੋਰੋਨਾ ਮਹਾਂਮਾਰੀ ਕਾਰਨ ਸਰੀਰਕ ਦੂਰੀ ਬਣਾਕੇ ਰੱਖਣ ਦੇ ਨਿਯਮਾਂ ਪਾਲਨ ਕੀਤਾ ਗਿਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਗੂਆਂ ਆਦਿ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਵੱਖ-ਵੱਖ ਸੂਬਾ ਸਰਕਾਰਾਂ ਨੇ ਕੋਰੋਨਾ ਸੰਕਟ ਦਾ ਬਹਾਨਾ ਬਣਾ ਕੇ ਮਜ਼ਦੂਰ ਜਮਾਤ ਉੱਤੇ ਤਿੱਖਾ ਸਿਆਸੀ-ਆਰਥਿਕ-ਸਮਾਜਿਕ ਹਮਲੇ ਤੇਜ਼ ਕੀਤੇ ਹੋਏ ਹਨ, ਜਿਸ ਦੀ ਮਿਸਾਲ ਵੱਖ-ਵੱਖ ਸੂਬਿਆਂ ਵਿਚ 8 ਘੰਟੇ ਦੀ ਥਾਂ 12 ਘੰਟੇ ਕੰਮ-ਦਿਹਾੜੀ ਲਾਗੂ ਕਰਨ ਸਮੇਤ ਤੇ ਹੋਰ ਕਿਰਤ ਕਾਨੂੰਨੀ ਹੱਕਾਂ ਦਾ ਘਾਣ ਸ਼ਾਮਲ ਹੈ, ਜਦੋਂ ਕਿ ਪੰਜਾਬ ਵਿਚ ਵੀ 12 ਘੰਟੇ ਕੰਮ-ਦਿਹਾੜੀ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਉੱਤਰ ਪ੍ਰਦੇਸ਼ ਸਰਕਾਰ ਨੇ ਤਾਂ ਲਗਭਗ ਸਾਰੇ ਕਿਰਤ ਕਾਨੂੰਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਬਿਜਲੀ ਖੇਤਰ ਦਾ ਮੁਕੰਮਲ ਨਿੱਜੀਕਰਨ ਕਰਨ ਲਈ ਬਿਜਲੀ ਐਕਟ 2020 ਲਿਆਂਦਾ ਜਾ ਰਿਹਾ ਹੈ, ਲੋਕ ਸੇਵਾਵਾਂ ਦੇ ਅਦਾਰਿਆਂ ਦੇ ਮੁਕੰਮਲ ਨਿੱਜੀਕਰਨ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਮਜ਼ਦੂਰ ਜਮਾਤ ਅਤੇ ਹੋਰ ਸਭਨਾਂ ਕਿਰਤੀ ਲੋਕਾਂ ਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਹਾਕਮਾਂ ਦੇ ਇਸ ਹਮਲੇ ਖ਼ਿਲਾਫ਼ ਸੰਘਰਸ਼ ਕਰਨ ਦਾ ਅਹਿਦ ਕਰਨਾ ਚਾਹੀਦਾ ਹੈ। ਇਸ ਮੌਕੇ ਟੈਕਨੀਕਲ ਸਰਵਿਸ ਯੂਨੀਅਨ, ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਵਾਟਰ ਸਪਲਾਈ ਸੀਵਰੇਜ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰ ਯੂਨੀਅਨ ਆਦਿ ਜਥੇਬੰਦੀਆਂ ਨੇ ਮੁਜ਼ਾਹਰੇ 'ਚ ਹਿੱਸਾ ਲਿਆ।