- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ 2027 ਦੀ ਸਫਲਤਾ ਲਈ ਪਿੰਡ-ਪਿੰਡ ਤੇਜ਼ ਕੀਤੀ ਜਾਵੇਗੀ ਜਨਸੰਪਰਕ ਮੁਹਿੰਮ: ਗੁਰਨਾਮ ਸਿੰਘ ਛੀਨਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਵਿੱਚ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਜਨਸੰਪਰਕ ਮੁਹਿੰਮ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਭੋਆ ਅਧੀਨ ਪੈਂਦੇ ਪਿੰਡ ਚਲੋਆ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ੇਸ਼ ਜਨਸਭਾ ਕਰਵਾਈ ਗਈ। ਜਨਸਭਾ ਦੀ ਅਗਵਾਈ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਅਤੇ ਕਾਂਗਰਸੀ ਆਗੂ ਯੁੱਧਵੀਰ ਸਿੰਘ ਨੇ ਕੀਤੀ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ, ਜਦਕਿ ਵਿਸ਼ੇਸ਼ ਤੌਰ ’ਤੇ ਸਾਬਕਾ ਬਲਾਕ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਹਾਜ਼ਰ ਹੋਏ। ਜਨਸਭਾ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ-ਆਸਮਾਨ ਦਾ ਫਰਕ ਹੈ। ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਆਮ ਲੋਕਾਂ ਦੀਆਂ ਸਮੱਸਿਆਵਾਂ ਲਗਾਤਾਰ ਵਧਦੀਆਂ ਗਈਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਦੀ ਜਨਤਾ ਮਹਿੰਗਾਈ, ਬੇਰੁਜ਼ਗਾਰੀ, ਨਸ਼ਿਆਂ ਅਤੇ ਵਿਗੜ ਰਹੇ ਪ੍ਰਬੰਧਾਂ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੀ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇੱਥੋਂ ਦੇ ਨੌਜਵਾਨ ਹਨ, ਪਰ ਸਰਕਾਰ ਦੀਆਂ ਨੀਤੀਆਂ ਵਿੱਚ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਉਹ ਗੰਭੀਰਤਾ ਨਜ਼ਰ ਨਹੀਂ ਆ ਰਹੀ, ਜਿਸ ਦੀ ਲੋੜ ਹੈ। ਉਨ੍ਹਾਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਰੁਜ਼ਗਾਰ, ਖੇਡਾਂ ਅਤੇ ਬਿਹਤਰ ਭਵਿੱਖ ਦੇ ਮੌਕੇ ਮਿਲਣ ਤਾਂ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਨਾਮ ਸਿੰਘ ਛੀਨਾ ਨੇ ਕਿਹਾ ਕਿ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਲਗਾਤਾਰ ਜਨਸੰਪਰਕ ਅਭਿਆਨ ਚਲਾਇਆ ਜਾ ਰਿਹਾ ਹੈ। ਬਲਾਕ ਘਰੋਟਾ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਾਂਗਰਸੀ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ, ਕਾਂਗਰਸ ਸਰਕਾਰ ਦੇ ਕਾਰਜਕਾਲ ਦੀਆਂ ਉਪਲਬਧੀਆਂ ਅਤੇ ਲੋਕਹਿੱਤ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਬਣਾਈ ਜਾਵੇਗੀ। ਇਸ ਮੌਕੇ ਬਲਾਕ ਘਰੋਟਾ ਦੇ ਸਮੂਹ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।