ਅੱਜ ਕਾਦੀਆਂ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਕਟੋਰੀਆ ਗਾਰਡਨ ਵਿਖੇ ਵਿਸ਼ਾਲ ਸਮਾਗਮ ਅੱਜ
ਅੱਜ ਕਾਦੀਆਂ ਪਹੁੰਚਣਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਕਟੋਰੀਆ ਗਾਰਡਨ ਵਿਖੇ ਵਿਸ਼ਾਲ ਸਮਾਗਮ ਅੱਜ
Publish Date: Sat, 27 Jun 2026 07:05 PM (IST)
Updated Date: Sat, 27 Jun 2026 07:07 PM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਕਾਦੀਆਂ ਸ਼ਹਿਰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੌਰੇ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹੈ। ਵਿਕਟੋਰੀਆ ਗਾਰਡਨ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸੀਨੀਅਰ ਆਗੂ ਗੁਰ ਇਕਬਾਲ ਸਿੰਘ ਮਾਹਲ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਗੁਰਇਕਬਾਲ ਸਿੰਘ ਮਾਹਲ ਨੇ ਵਿਕਟੋਰੀਆ ਗਾਰਡਨ ਵਿਖੇ ਪਹੁੰਚ ਕੇ ਸਟੇਜ, ਬੈਠਕ ਪ੍ਰਬੰਧ, ਪਾਰਕਿੰਗ, ਸੁਰੱਖਿਆ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਨਿਰੀਖਣ ਕੀਤਾ। ਉਨ੍ਹਾਂ ਪ੍ਰਬੰਧਕੀ ਟੀਮਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਕਿ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਮੁਕੰਮਲ ਕੀਤੇ ਜਾਣ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਹਲ ਨੇ ਕਿਹਾ ਕਿ ਉਨ੍ਹਾਂ ਨੇ ਕਾਦੀਆਂ ਸ਼ਹਿਰ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਕਾਦੀਆਂ ਹਲਕੇ ਨੂੰ ਵੀ ਵਿਕਾਸ ਦੇ ਨਵੇਂ ਦੌਰ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਹੋਣ ਵਾਲੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸੰਬੰਧਿਤ ਆਗੂ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦਾ ਦਾਅਵਾ ਸੀ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਗੁਰਇਕਬਾਲ ਸਿੰਘ ਮਾਹਲ ਨੇ ਕਾਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਵਿਕਟੋਰੀਆ ਗਾਰਡਨ ਵਿਖੇ ਪਹੁੰਚ ਕੇ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕਰਨ ਅਤੇ ਸਮਾਗਮ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਸੰਬੋਧਨ ਦੌਰਾਨ ਕਾਦੀਆਂ ਹਲਕੇ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ ਤੇ ਵਿਚਾਰ ਸਾਂਝੇ ਕਰਨਗੇ ਅਤੇ ਲੋਕ ਭਲਾਈ ਲਈ ਸਰਕਾਰ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਦੇਣਗੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਖੇਤਰ ਦੇ ਬਰਾਬਰ ਵਿਕਾਸ ਲਈ ਵਚਨਬੱਧ ਹੈ ਅਤੇ ਕਾਦੀਆਂ ਨੂੰ ਵੀ ਵਿਕਾਸ ਦੇ ਮਾਮਲੇ ਵਿੱਚ ਕਿਸੇ ਤਰ੍ਹਾਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਕਾਦੀਆਂ ਸ਼ਹਿਰ ਅਤੇ ਸਮੁੱਚੇ ਹਲਕੇ ਵਿੱਚ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਸਮਾਗਮ ਨੂੰ ਲੈ ਕੇ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਸੱਦਾ ਦੇ ਰਹੇ ਹਨ। ਵਿਕਟੋਰੀਆ ਗਾਰਡਨ ਵਿਖੇ ਸਟੇਜ, ਪੰਡਾਲ, ਸੁਰੱਖਿਆ ਅਤੇ ਪਾਰਕਿੰਗ ਸਮੇਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਅੱਜ ਦਾ ਇਹ ਸਮਾਗਮ ਕਾਦੀਆਂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ ਸਾਬਤ ਹੋਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਨੂੰ ਯਾਦਗਾਰੀ ਬਣਾਏਗੀ।