ਸੁਖਦੇਵ ਸਿੰਘ, ਬਟਾਲਾ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ 'ਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਤੇ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜਿਨ੍ਹਾਂ ਨੇ ਪਹਿਲਾਂ ਹੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਤੇ ਘਟੀਆ ਦਰਜੇ ਦੇ ਕੀਟਨਾਸ਼ਕਾਂ ਦੀ ਵਿਕਰੀ 'ਤੇ ਨਜ਼ਰ ਰੱਖਣ ਤੇ ਅਜਿਹੀਆਂ ਕਾਰਵਾਈਆਂ ਵਿਰੁੱਧ ਲੋੜੀਂਦੀ ਕਾਰਵਾਈ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ, ਨੇ ਕਿਹਾ ਹੈ ਕਿ ਹੁਣ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ 'ਚ ਸੁਧਾਰ ਲਈ ਕਿਸਾਨਾਂ ਦੇ ਪੱਖ 'ਚ ਜਾਰੀ ਕੀਤੇ ਗਏ ਹਨ।

ਬੀਤੀ ਸ਼ਾਮ ਬਟਾਲਾ ਪਹੁੰਚੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚੌਲ ਉਤਪਾਦਕਾਂ ਦੇ ਹਿੱਤ 'ਚ ਨਹੀਂ ਹੈ। ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪੋ੍ਪੀਕੋਨਾਜੋਲ ਥਿਆਮੈਥੋਕਸਮ, ਪੋ੍ਫੈਨੋਫੋਸ, ਆਈਸੋਪੋ੍ਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਤੇ ਵਰਤੋਂ ਚੌਲਾਂ ਖਾਸ ਕਰ ਕੇ ਬਾਸਮਤੀ ਚੌਲਾਂ ਦੀ ਬਰਾਮਦ ਤੇ ਖਪਤ 'ਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ। ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ 'ਤੇ ਪੰਜਾਬ 'ਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ਵਿੱਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐੱਮਆਰਐੱਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖਤਰਾ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ ਐਂਡ ਐਕਸਪੋਰਟਰਜ ਐਸੋਸੀਏਸਨ ਵੱਲੋਂ ਵੀ ਇਹ ਪਾਇਆ ਗਿਆ ਹੈ ਕਿ ਉਨਾਂ੍ਹ ਵੱਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿੱਚ ਇਨਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ਵਿੱਚ ਐੱਮਆਰਐੱਲ ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ। ਐਸੋਸੀਏਸਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚੌਲਾਂ ਦੀ ਦੂਜੇ ਦੇਸਾਂ ਨੂੰ ਬਰਾਮਦ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਸੀ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਨੇ ਬਾਸਮਤੀ ਚੌਲਾਂ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ ਕੀਤੀ ਹੈ, ਜੋ ਬਾਜ਼ਾਰ 'ਚ ਉਪਲੱਬਧ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐੱਸਐੱਸਪੀ ਸਤਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।