ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਗੁਰਦਾਸਪੁਰ ਪੁਲਿਸ ਦੇ ਸਹਿਯੋਗ ਨਾਲ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਆਕਾਸ਼,ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਗੁਰਦਾਸਪੁਰ ਪੁਲਿਸ ਦੇ ਸਹਿਯੋਗ ਨਾਲ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਰਾਮੂਵਾਲ ਬਠਿੰਡਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀ ਪੰਜਾਬ ਪੁਲਿਸ ਵੱਲੋਂ ਚਾਰ ਹੋਰ ਮੁਲਜ਼ਮਾਂ ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ 25 ਨਵੰਬਰ ਨੂੰ ਸ਼ਾਮ 7:30 ਵਜੇ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਸੀ। ਇਸ ਗ੍ਰਿਫ਼ਤਾਰੀ ਨਾਲ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ 25 ਨਵੰਬਰ ਦੀ ਰਾਤ ਨੂੰ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ 'ਤੇ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰਨ ਵਾਲੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੇ ਸੋਮਵਾਰ ਨੂੰ ਉਸੇ ਗਿਰੋਹ ਦੇ ਦੋ ਮੈਂਬਰਾਂ ਨੂੰ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਨਾਲ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੀ ਪਛਾਣ ਨਵੀਨ ਅਤੇ ਕੁਸ਼ ਵਜੋਂ ਹੋਈ ਹੈ ਜੋ ਕਿ ਤਲਵਾੜਾ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੋਹਨ ਸਿੰਘ ਪਾਕਿਸਤਾਨ ਸਥਿਤ ਆਈਐੱਸਆਈ ਸਪੋਸਰ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਇਸ ਦੌਰਾਨ ਏਆਈਜੀ ਕਾਊਂਟਰ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਸੀਆਈ ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ ਜਿਸ ਨਾਲ ਮੁਲਜ਼ਮ ਮੋਹਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸਐੱਸਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਮੋਹਨ ਦੁਆਰਾ ਕੀਤੇ ਗਏ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਇੱਕ .32 ਬੋਰ ਦਾ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਅਪਰਾਧ ਵਿੱਚ ਮਾਡਿਊਲ ਦੁਆਰਾ ਵਰਤਿਆ ਗਿਆ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ।