- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਸਾਬਕਾ ਜੇਲ੍ਹ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲਿਸ ਅਫ਼ਸਰਾਂ 'ਤੇ ਗੈਂਗਸਟਰਾਂ ਨਾਲ ਸਾਂਠ-ਗਾਂਠ ਦੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਮਹਿੰਦਰ ਸਿੰਘ ਅਰਲੀਭੰਨ, ਡੇਰਾ ਬਾਬਾ ਨਾਨਕ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਸਾਬਕਾ ਜੇਲ੍ਹ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਰਡਰ ਰੇਂਜ ਦੇ ਪੁਲਿਸ ਅਫ਼ਸਰਾਂ 'ਤੇ ਗੈਂਗਸਟਰਾਂ ਨਾਲ ਸਾਂਠ-ਗਾਂਠ ਦੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਇਨ੍ਹਾਂ ਪੁਲਿਸ ਅਫ਼ਸਰਾਂ ਵਿੱਚ ਖ਼ਾਸ ਤੌਰ 'ਤੇ ਡੇਰਾ ਬਾਬਾ ਨਾਨਕ ਅਤੇ ਬਟਾਲਾ ਤੋਂ ਤਬਦੀਲ ਹੋ ਚੁੱਕੇ ਡੀਐੱਸਪੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪੁਲਿਸ ਅਫ਼ਸਰਾਂ ਦੇ ਮੋਬਾਈਲ ਫੋਨਾਂ ਅਤੇ ਕਾਲ ਡਿਟੇਲ ਦੀ ਜਾਂਚ ਕੀਤੀ ਜਾਵੇ।
ਰੰਧਾਵਾ ਨੇ ਕਿਹਾ ਕਿ ਇਸ ਨਾਲ ਇਹ ਸਾਹਮਣੇ ਆ ਸਕੇਗਾ ਕਿ ਉਨ੍ਹਾਂ ਨੂੰ ਕਿਹੜੇ-ਕਿਹੜੇ ਨੰਬਰਾਂ ਤੋਂ ਕਾਲਾਂ ਆਉਂਦੀਆਂ ਰਹੀਆਂ ਅਤੇ ਉਨ੍ਹਾਂ ਦਾ ਕਿਨ੍ਹਾਂ ਲੋਕਾਂ ਨਾਲ ਸੰਪਰਕ ਰਿਹਾ। ਉਨ੍ਹਾਂ ਕਿਹਾ ਕਿ ਜੇ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ।
ਰੰਧਾਵਾ ਨੇ ਕਿਹਾ ਕਿ ਉਹ ਪੂਰੀ ਜ਼ਿੰਮੇਵਾਰੀ ਨਾਲ ਇਹ ਗੱਲ ਕਹਿ ਰਹੇ ਹਨ ਅਤੇ ਜੇ ਉਨ੍ਹਾਂ ਦੇ ਲਗਾਏ ਦੋਸ਼ ਝੂਠੇ ਸਾਬਤ ਹੁੰਦੇ ਹਨ ਤਾਂ ਪੰਜਾਬ ਦੇ ਡੀਜੀਪੀ ਉਨ੍ਹਾਂ ਖ਼ਿਲਾਫ਼ ਵੀ ਮਾਮਲਾ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਕਰ ਰਹੇ, ਸਗੋਂ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਬਚਾਉਣ ਲਈ ਇਹ ਮੁੱਦਾ ਚੁੱਕ ਰਹੇ ਹਨ। ਉਹ ਲੰਮੇ ਸਮੇਂ ਤੋਂ ਗੈਂਗਸਟਰਾਂ ਦੇ ਵਧਦੇ ਪ੍ਰਭਾਵ 'ਤੇ ਚਿੰਤਾ ਜਤਾਉਂਦੇ ਆ ਰਹੇ ਹਨ, ਪਰ ਪੰਜਾਬ ਸਰਕਾਰ ਖੁਦ ਉਨ੍ਹਾਂ ਨੂੰ ਸ਼ਹਿ ਦੇ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋ ਰਹੀ।
ਉਨ੍ਹਾਂ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਗੌਰਵ ਯਾਦਵ 'ਤੇ ਵੀ ਨਿਸ਼ਾਨਾ ਸਾਧਿਆ। ਰੰਧਾਵਾ ਨੇ ਕਿਹਾ ਕਿ ਡੀਜੀਪੀ ਗੈਂਗਸਟਰਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾ ਰਹੇ ਹਨ, ਜਦਕਿ ਜਿਨ੍ਹਾਂ ਲੋਕਾਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਅਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਨਾ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਹਥਿਆਰਾਂ ਦੇ ਲਾਇਸੈਂਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਥਾਈ ਡੀਜੀਪੀ ਦੀ ਲੋੜ ਹੈ, ਤਦ ਹੀ ਕਾਨੂੰਨ-ਵਿਵਸਥਾ 'ਤੇ ਨਕੇਲ ਕਸੀ ਜਾ ਸਕਦੀ ਹੈ।
ਸਾਬਕਾ ਜੇਲ੍ਹ ਤੇ ਸਹਿਕਾਰਤਾ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਨੈੱਟਵਰਕ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਕਾਨੂੰਨ ਦਾ ਡਰ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਦੌਰਾਨ ਗੈਂਗਸਟਰ ਖੁੱਲ੍ਹੇਆਮ ਟੈਲੀਫੋਨ ਰਾਹੀਂ ਵੋਟਰਾਂ ਨੂੰ ਧਮਕੀਆਂ ਦਿੰਦੇ ਰਹੇ, ਪਰ ਪ੍ਰਸ਼ਾਸਨ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਨਾਕਾਮ ਰਿਹਾ।