- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਮਨ ਬਹਿਲ ਨੇ ਪਿੰਡ ਤਿੱਬੜ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਿਹਤ ਕਾਰਡ ਵੰਡਣ ਦੀ ਕਰਵਾਈ ਸ਼ੁਰੂਆਤ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਦੇ ਹਰ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਿੰਡ ਤਿੱਬੜ ਦੇ ਬਾਬਾ ਤਾਰਾ ਗੁਰੂ ਜੀ ਮੰਦਿਰ ਤੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਰਮਨ ਬਹਿਲ ਵੱਲੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਇਲਾਜਾਂ ਲਈ ਸਹੂਲਤਾਂ ਉਪਲਬਧ ਹਨ।
ਰਮਨ ਬਹਿਲ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ‘ਸਰਬੱਤ ਦੇ ਭਲੇ’ ਦੇ ਸੰਦੇਸ਼ ’ਤੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਮਾਨਵਤਾ ਦੀ ਸੇਵਾ ਲਈ ਇਹ ਯੋਜਨਾ ਲਾਗੂ ਕੀਤੀ ਗਈ ਹੈ। ਇਸ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੰਗੀ ਕਾਰਨ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਪਿੰਡ ਤਿੱਬੜ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 3 ਹਜ਼ਾਰ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਹੋਈ ਸੀ, ਜਿਨ੍ਹਾਂ ਵਿੱਚੋਂ ਕਰੀਬ 2,600 ਲਾਭਪਾਤਰੀਆਂ ਦੇ ਸਿਹਤ ਕਾਰਡ ਪਿੰਡ ਵਿੱਚ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਦੇ ਕਾਰਡ ਵੀ ਜਲਦ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਨੂੰ ਵੀ ਵੰਡੇ ਜਾਣਗੇ। ਇਸ ਮੌਕੇ ਐੱਸਐੱਮਓ ਡਾ. ਅੰਕੁਰ ਕੁਸ਼ਲ, ਡਾ. ਸੁਰੇਸ਼ ਕੁਮਾਰ, ਬਲਾਕ ਸੰਮਤੀ ਮੈਂਬਰ ਮਨਮੋਹਨ ਰਾਏ, ਬਲਾਕ ਪ੍ਰਧਾਨ ਰਾਜੇਸ਼ ਕੁਮਾਰ, ਹੈਲਥ ਇੰਸਪੈਕਟਰ ਰਣਜੀਤ ਸਿੰਘ, ਹੈਲਥ ਵਰਕਰ ਅਮੋਲਕ ਸਿੰਘ, ਸਿਹਤ ਕਰਮਚਾਰੀ ਹਰਪਾਲ ਸਿੰਘ, ਗੁਰਵਿੰਦਰ ਸਿੰਘ, ਪਿੰਡ ਤਿੱਬੜ ਦੇ ਮੌਜੂਦਾ ਮੈਂਬਰ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਅਤੇ ਪਿੰਡ ਵਾਸੀ ਹਾਜ਼ਰ ਸਨ।