ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ’ਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 160 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 160 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
Publish Date: Sat, 31 Oct 2026 04:33 PM (IST)
Updated Date: Sat, 31 Oct 2026 04:35 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਅੱਜ ਪਿੰਡ ਕਾਲਾ ਨੰਗਲ ਵਿਖੇ ਪ੍ਰਾਪਰਟੀ ਕਾਰਡ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਕਾਲਾ ਨੰਗਲ ਦੇ ਲਾਲ ਲਕੀਰ ਅੰਦਰ ਆਉਂਦੇ 160 ਘਰਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਪੰਜਾਬ ਸਰਕਾਰ ਦੀ ਇੱਕ ਬਹੁਤ ਹੀ ਲੋਕ-ਪੱਖੀ ਅਤੇ ਇਤਿਹਾਸਕ ਪਹਿਲਕਦਮੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਉਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ, ਜੋ ਲੰਮੇ ਸਮੇਂ ਤੋਂ ਲਾਲ ਲਕੀਰ ਅੰਦਰ ਰਹਿ ਰਹੇ ਹਨ, ਪਰ ਉਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਾਬਤ ਕਰਨ ਲਈ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਸੀ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਹੁਣ ਇਨ੍ਹਾਂ 160 ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਸਬੂਤ ਮਿਲਿਆ ਹੈ। ਰਮਨ ਬਹਿਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਪਿੰਡ ਕਾਲਾ ਨੰਗਲ ਦੇ ਸਰਪੰਚ ਸੁਖਵਿੰਦਰ ਸਿੰਘ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਰਾਣਾ, ਸਰਪੰਚ ਗੁਰਜੀਵ ਸਿੰਘ ਟਿੰਕੂ ਬੱਬਰੀ, ਸਰਪੰਚ ਗੁਰਦੇਵ ਸਿੰਘ ਸਿੱਧਵਾਂ ਜਮੀਤਾ, ਸਰਪੰਚ ਸਿਕੰਦਰ ਸਿੰਘ ਗਿੱਦੜ ਪਿੰਡੀ, ਸਰਪੰਚ ਜਸਪਾਲ ਸਿੰਘ ਤੁੰਗ, ਹਲਕਾ ਯੂਥ ਪ੍ਰਧਾਨ ਸੰਦੀਪ ਸਿੰਘ ਸ਼ੇਰਾ, ਸਰਪੰਚ ਬਲਰਾਜ ਸਿੰਘ ਨਰਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਅਤੇ ਯੂਥ ਆਗੂ ਤਲਵਿੰਦਰ ਸਿੰਘ ਜੀਵਨਵਾਲ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।