ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹੇ ਕੇਂਦਰ : ਬਾਜਵਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹੇ ਕੇਂਦਰ : ਗੁਰਿੰਦਰ ਬਾਜਵਾ
Publish Date: Fri, 20 Nov 2026 04:19 PM (IST)
Updated Date: Fri, 20 Nov 2026 04:22 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 28 ਸਤੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਖਿਆ ਸੀ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 8 ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਇੱਕ ਵਿਸ਼ੇਸ਼ ਨੋਟ ਰਾਹੀਂ 1 ਬੰਦੀ ਸਿੰਘ ਦੀ ਮੌਤ ਦੀ ਸਜ਼ਾ ਨੁੰ ਉਮਰ ਕੈਦ ਵਿੱਚ ਬਦਲਣ ਦਾ ਫੈਸਲਾ ਲਿਆ ਗਿਆ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ, ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਬੰਦੀ ਸਿੰਘਾਂ ਨੁੰ ਰਿਹਾਅ ਨਹੀਂ ਕੀਤਾ ਗਿਆ ਅਤੇ ਨਾ ਹੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਅਤੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ। ਉਹਨਾ ਆਖਿਆ ਕਿ ਸਮੁੱਚੇ ਪੰਥ ਦੀਆਂ ਭਾਵਨਾਵਾਂ ਨੁੰ ਸਮਝਦੇ ਹੋਏ ਕੇਂਦਰ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 32-32 ਸਾਲਾਂ ਤੋਂ ਜੇਲਾਂ ’ਚ ਵਿੱਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਬਾਜਵਾ ਨੇ ਅੱਗੇ ਆਖਿਆ ਕਿ 7 ਮਈ 2025 ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਂਦਰ ਸਰਕਾਰ ਨੇ ਬੰਦ ਕੀਤਾ ਹੋਇਆ ਹੈ, ਜਿਸ ਨਾਲ ਦੁਨੀਆ ਭਰ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਰੋਸ ਹੈ। ਉਹਨਾਂ ਆਖਿਆ ਕਿ ਸਾਡੀ ਸੰਸਥਾ ਵਲੋਂ 14 ਅਪ੍ਰੈਲ 2001 ਨੂੰ ਇਸ ਲਾਂਘੇ ਨੁੰ ਖੁੱਲ੍ਹਵਾਉਣ ਲਈ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਾਲ ਲੈ ਕੇ ਅੰਤਰਰਾਸ਼ਟਰੀ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਅਰਦਾਸ ਕਰਨੀ ਸ਼ੁਰੂ ਕੀਤੀ ਗਈ ਸੀ ਅਤੇ ਸਾਢੇ 18 ਸਾਲਾਂ ਬਾਅਦ ਸੰਗਤਾਂ ਦੀਆਂ ਅਰਦਾਸਾਂ ਨਾਲ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰ ਦੀ ਸਹਿਮਤੀ ਨਾਲ ਖੋਲ੍ਹਿਆ ਗਿਆ ਅਤੇ ਇਸ ਤੋਂ ਬਾਅਦ ਸੰਸਾਰ ਭਰ ਵਿਚੋਂ ਸੰਗਤਾਂ ਨੇ ਇਸ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਬਾਜਵਾ ਨੇ ਹੋਰ ਅੱਗੇ ਆਖਿਆ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਗੁਰੂ ਨਾਨਕ ਸਾਹਿਬ ਦੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਅਤੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਕਰੇ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਬਾਜਵਾ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜੀ. ਸੁਖਦੇਵ ਸਿੰਘ ਧਾਲੀਵਾਲ, ਜਤਿੰਦਰ ਸਿੰਘ ਦਾਬਾਂਵਾਲ, ਅਮਰੀਕ ਸਿੰਘ ਖੈਹਿਰਾ, ਇੰਸਪੈਕਟਰ ਨਿਰਮਲ ਸਿੰਘ, ਗਿਆਨੀ ਦਵਿੰਦਰ ਸਿੰਘ, ਨਿਰਮਲ ਸਿੰਘ ਸਾਗਰਪੁਰ ਆਦਿ ਹਾਜ਼ਰ ਸਨ।