ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਸੈਮੀਨਾਰ ਸੈਮੀਨਾਰ ਵਿਚ ਭਾਗ
Publish Date: Sat, 21 Nov 2026 05:17 PM (IST)
Updated Date: Sat, 21 Nov 2026 05:19 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦੇ 450 ਸਾਲ ਪੂਰੇ ਹੋਣ ਨੂੰ ਸਮਰਪਿਤ ਦੋ ਵਿਸ਼ੇਸ਼ ਅਕਾਦਮਿਕ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਵਿੱਚ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ, ਬਾਣੀ ਅਤੇ ਮਨੁੱਖਤਾ ਲਈ ਉਨ੍ਹਾਂ ਦੇ ਮਹਾਨ ਯੋਗਦਾਨ ਦੇ ਨਾਲ-ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਇਤਿਹਾਸਕ, ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਬਾਰੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਸੈਮੀਨਾਰ ਦੌਰਾਨ ਡਾ. ਸੰਦੀਪ ਕੌਰ ਵੱਲੋਂ ਦੋ ਵਿਸ਼ੇਸ਼ ਡਾਕੂਮੈਂਟਰੀਆਂ ਪੇਸ਼ ਕੀਤੀਆਂ ਗਈਆਂ। ਪਹਿਲੀ ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ, ਬਾਣੀ ਅਤੇ ਜਪੁਜੀ ਸਾਹਿਬ ਵਿੱਚ ਦਰਸਾਏ ਪੰਜ ਖੰਡਾਂ ਬਾਰੇ ਜਾਣਕਾਰੀ ਦਿੱਤੀ ਗਈ। ਦੂਜੀ ਡਾਕੂਮੈਂਟਰੀ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਇਤਿਹਾਸਕ ਯਾਤਰਾ, ਇਸ ਦੀ ਸਥਾਪਨਾ, ਵਿਕਾਸ, ਵਿਰਾਸਤ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਸ ਦੇ ਮਹੱਤਵਪੂਰਨ ਯੋਗਦਾਨ ਨੂੰ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਇਸ ਮੌਕੇ ਡਾ. ਬਲਜੀਤ ਕੌਰ ਨੇ ‘ਗੁਰੂ ਨਾਨਕ ਸਾਹਿਬ ਦਾ ਜੀਵਨ ਅਤੇ ਮਨੁੱਖਤਾ ਲਈ ਯੋਗਦਾਨ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਦੇ ਵੱਖ-ਵੱਖ ਪੱਖਾਂ ਅਤੇ ਉਨ੍ਹਾਂ ਵੱਲੋਂ ਸਮਾਜ ਨੂੰ ਦਿੱਤੀ ਨਵੀਂ ਦਿਸ਼ਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਡਾ. ਪਲਵਿੰਦਰ ਕੌਰ ਨੇ ‘ਗੁਰੂ ਨਾਨਕ ਸਾਹਿਬ ਦੀ ਬਾਣੀ ਅਤੇ ਸਲੋਕਾਂ’ ਵਿਸ਼ੇ ’ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰੂ ਸਾਹਿਬ ਦੀ ਬਾਣੀ ਦੇ ਅਧਿਆਤਮਿਕ, ਨੈਤਿਕ ਅਤੇ ਸਮਾਜਿਕ ਮਹੱਤਵ ਦੀ ਵਿਆਖਿਆ ਕੀਤੀ। ਪ੍ਰੋ ਹੰਸ ਰਾਜ ਨੇ ‘ਗੁਰੂ ਨਾਨਕ ਬਾਣੀ ਅਤੇ ਮਨੁੱਖਤਾ ਲਈ ਯੋਗਦਾਨ’ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਗੁਰੂ ਸਾਹਿਬ ਦੀ ਬਾਣੀ ਦੇ ਸਰਬਵਿਆਪੀ ਸੰਦੇਸ਼ ਨੂੰ ਉਜਾਗਰ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਆਪਣੇ ਸੰਖੇਪ ਸੰਬੋਧਨ ਵਿੱਚ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੇ ਸਿਧਾਂਤ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹਨ। ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਿੰਦਰ ਸੈਣੀ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਅਜਿਹੇ ਅਕਾਦਮਿਕ ਉਪਰਾਲਿਆਂ ਦੀ ਸ਼ਲਾਘਾ ਕੀਤੀ।