ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਮਾਰਚ 2020 ਤੋਂ ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ ਹੈ ਉਥੇ ਕੋਰੋਨਾ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਦੂਰਬੀਨ ਵੀ ਚੁੱਕ ਲਈ ਗਈ ਹੈ ਜਿਸ ਕਾਰਨ ਸੰਗਤ ਵਿਚ ਨਿਰਾਸ਼ਾ ਹੈ।

ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਏ ਸ਼ਰਧਾਲੂ ਮੇਵਾ ਸਿੰਘ, ਦਿਲਜੋਤ ਸਿੰਘ, ਗੁਰਮੁਖ ਸਿੰਘ, ਸਤਵੰਤ ਸਿੰਘ, ਤੇਜਬੀਰ ਸਿੰਘ, ਹਰੀ ਸਿੰਘ ਆਦਿ ਨੇ ਦੱਸਿਆ ਕਿ ਸੋਮਵਾਰ ਨੂੰ ਉਹ ਪਰਿਵਾਰਾਂ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਇਲਾਵਾ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਦੀ ਜ਼ੀਰੋ ਲਾਈਨ ਤਕ ਆ ਰਹੇ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਪੁੱਜੇ ਹਨ। ਉਨ੍ਹਾਂ ਨੂੰ ਉਸ ਸਮੇਂ ਬੇਹੱਦ ਦੁੱਖ ਲੱਗਾ ਜਦੋਂ ਦੇਖਿਆ ਕਿ ਇੱਥੇ ਲੱਗੀ ਦੂਰਬੀਨ ਹਟਾ ਲਈ ਗਈ ਹੈ।

ਸ਼ਰਧਾਲੂਆਂ ਨੇ ਰੋਸ ਜ਼ਾਹਰ ਕਰਦਿਆਂ ਹੋਇਆਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਨੇ ਸਾਲ ਤੋਂ ਵੱਧ ਸਮੇਂ ਤੋਂ ਕਰਤਾਰਪੁਰ ਲਾਂਘਾ ਬੰਦ ਕੀਤਾ ਹੋਇਆ ਹੈ ਅਤੇ ਸਰਹੱਦ 'ਤੇ ਬਣੇ ਦਰਸ਼ਨ ਸਥਾਨ 'ਤੇ ਲੱਗੀ ਦੂਰਬੀਨ ਹਟਾ ਦਿੱਤੀ ਗਈ ਹੈ ਜਿਸ ਕਾਰਨ ਦਰਸ਼ਨ ਕਰਨ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ।

ਇਸ ਮੌਕੇ ਸ਼ਰਧਾਲੂਆਂ ਨੇ ਦੱਸਿਆ ਕਿ ਸੋਮਵਾਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਜ਼ੀਰੋ ਲਾਈਨ ਤਕ ਆਉਣ ਵਾਲਾ ਨਗਰ ਕੀਰਤਨ ਬਾਅਦ ਦੁਪਹਿਰ ਤਕ ਨਹੀਂ ਪੁੱਜਾ ਜਿਸ ਦਾ ਸੰਗਤ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਲਾਵਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ 'ਤੇ ਅਧੂਰੇ ਬਣੇ ਦਸਾਂ ਸਥਾਨਾਂ ਦਾ ਨਿਰਮਾਣ ਕਰਵਾਇਆ ਜਾਵੇ ਤੇ ਦੂਰਬੀਨਾਂ ਲਾਈਆਂ ਜਾਣ।