- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੋਟੋ ਅਟੈਚ ਕਰਕੇ ਰਪੀਟ ਜੀ......ਗੁ: ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਗੁਰਪੁਰਬ ਸ਼ਰਧਾ ਨਾਲ ਮਨਾਇਆ

ਸਤਪਾਲ ਜ਼ਖਮੀ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਅੱਜ ਸਥਾਨਕ ਕਸਬੇ ਦੇ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ ਬੰਸ ‘ਚੋ 16ਵੀਂ ਪੀੜੀ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ। ਇਸ ਮੌਕੇ ਦੂਰ ਦੁਰਾਡੇ ਤੋਂ ਪਹੁੰਚ ਕੇ ਸੰਗਤ ਨਤਮਸਤਕ ਹੋਈਆਂ ਤੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਚੋਲਾ ਸਾਹਿਬ ਵਾਲਿਆਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਹਜੂਰੀ ਰਾਗੀ ਭਾਈ ਸ਼ਾਮ ਸਿੰਘ ਜੀ ਦੇ ਜਥੇ ਅਤੇ ਹਜੂਰੀ ਰਾਗੀ ਭਾਈ ਹਰਭਜਨ ਸਿੰਘ ਜੀ ਵੱਲੋਂ ਕਥਾ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ ਗਿਆ। ਉਪਰੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਨੇ ਸਮੂਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ। ਉਨਾਂ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨਾਂ ਅਨੁਸਾਰ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਲੜ ਲੱਗੀਏ ਤੇ ਆਪਣਾ ਜੀਵਨ ਸਫਲਾ ਕਰੀਏ। ਇਸ ਮੌਕੇ ਬਾਬਾ ਜੀ ਨੇ ਭਾਰਤ ਦੀ ਕੇਂਦਰ ਸਰਕਾਰ ਤੇ ਖਾਸ ਕਰਕੇ ਪ੍ਰਧਾਨ ਮੰਤਰੀ ਮੋਦੀ ਪਾਸੋ ਪੁਰਜ਼ੋਰ ਮੰਗ ਕੀਤੀ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆ ਕਰਤਾਰਪੁਰ ਸਾਹਿਬ ਦਾ ਬੰਦ ਕੀਤਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ ਅਤੇ ਸੰਗਤ ਨੂੰ ਬਿਨਾਂ ਪਾਸਪੋਰਟ ਤੋਂ ਗੁ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮੌਕੇ ਕੜਾਹ ਪ੍ਰਸ਼ਾਦਿ ਦੀ ਦੇਗ ਵਰਤਾਈ ਗਈ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ।