ਸਪੈਸ਼ਲ ਇੰਨਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਸਬੰਧੀ ਚੋਣ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਸਪੈਸ਼ਲ ਇੰਨਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਸਬੰਧੀ ਚੋਣ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
Publish Date: Sat, 04 Jul 2026 03:36 PM (IST)
Updated Date: Sat, 04 Jul 2026 03:38 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਅੰਦਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਚੱਲ ਰਹੀ ਪ੍ਰਕਿਰਿਆ ਸੰਬੰਧੀ ਸਮੂਹ ਚੋਣ ਅਧਿਕਾਰੀਆਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਮੌਜੂਦ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਐੱਸਆਈਆਰ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਗਣਨਾ ਫਾਰਮ ਇਕੱਠੇ ਕਰਨ, ਡਿਜ਼ੀਟਾਈਜ ਕਰਨ ਅਤੇ ਪੋਲਿੰਗ ਬੂਥਾਂ ਦੀ ਰੈਸ਼ਨਲਾਈਜੇਸ਼ਨ ਕਰਨ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਉਨ੍ਹਾਂ ਚੋਣ ਅਧਿਕਾਰੀਆਂ ਨੂੰ ਕਿਹਾ ਕਿ ਉਹ ਘਰ ਘਰ ਗਣਨਾ ਮੁਹਿੰਮ ਤਹਿਤ ਵੰਡੇ ਗਏ ਗਣਨਾ ਫਾਰਮਾਂ ਨੂੰ ਭਰਨ ਉਪਰੰਤ ਕੁਲੈਕਟ ਕਰਕੇ ਡਿਜੀਟਾਈਜ ਕਰਨ ਨੂੰ ਸੁਨਿਸ਼ਚਿਤ ਕਰਨ। ਉਨ੍ਹਾਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਰੋਜ਼ਾਨਾ ਬੀਐੱਲਓ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗਾਂ ਕਰਕੇ ਡਿਜ਼ੀਟਾਈਜ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਕਿਹਾ ਕਿ ਐੱਸਆਈਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਉਨ੍ਹਾਂ ਦੱਸਿਆ ਬੀਐੱਲਓ ਦੁਆਰਾ ਘਰ-ਘਰ ਜਾ ਕੇ ਗਣਨਾ ਫਾਰਮ ਵੰਡੇ ਜਾ ਚੁੱਕੇ ਹਨ। ਫਾਰਮ ਵਿੱਚ ਸਾਰੀ ਜਾਣਕਾਰੀ ਭਰਣ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ ਐਲ ਓ ਕੋਲ ਜਮ੍ਹਾਂ ਕਰਵਾਈ ਗਈ ਹੈ ਅਤੇ ਇੱਕ ਕਾਪੀ ਬੀ ਐਲ ਓ ਦੁਆਰਾ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ (ਤਰਕ ਸੰਗਤ ਕਰਨਾ), 3 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ, 02 ਅਗਸਤ 2026 ਤੋਂ 02 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ ਤੇ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਜ਼ਿਲ੍ਹਾ ਚੋਣ ਅਫਸਰ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਮੂਹ ਚੋਣਕਾਰ ਅਫਸਰ ਗੁਰਦਾਸਪੁਰ ਅਤੇ ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਗੁਰਦਾਸਪੁਰ ਮੌਜੂਦ ਸਨ।