- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਅਤੇ ਸਦਰ ਪੁਲਿਸ ਦੇ ਮੁਲਾਜ਼ਮ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ ਗਿਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਆ (ਪਠਾਨਕੋਟ) : ਅੰਮ੍ਰਿਤਸਰ–ਜੰਮੂ ਨੈਸ਼ਨਲ ਹਾਈਵੇ ‘ਤੇ ਪੈਂਦੇ ਕਸਬਾ ਸਰਨਾ ਨੇੜੇ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਲੋਕਾਂ ਵੱਲੋਂ ਸੜਕ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਉਠਾਏ ਜਾ ਰਹੇ ਹਨ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਨਿਤੀਸ਼ ਸ਼ਰਮਾ (ਉਮਰ 30 ਸਾਲ), ਵਾਸੀ ਪਿੰਡ ਭੋਆ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਤੀਸ਼ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਘਰ ਦਾ ਇਕੱਲਾ ਸਹਾਰਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਭੋਆ ਵਿੱਚ ਗਹਿਰਾ ਸੋਗ ਛਾ ਗਿਆ ਹੈ।
ਜਾਣਕਾਰੀ ਮੁਤਾਬਕ ਨਿਤੀਸ਼ ਸ਼ਰਮਾ ਦੇਰ ਰਾਤ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਤੋਂ ਵਾਪਸ ਘਰ ਆ ਰਿਹਾ ਸੀ। ਜਦੋਂ ਉਹ ਅੰਮ੍ਰਿਤਸਰ–ਜੰਮੂ ਨੈਸ਼ਨਲ ਹਾਈਵੇ ‘ਤੇ ਪੈਂਦੇ ਸਰਨਾ ਨੇੜੇ ਪਹੁੰਚਿਆ ਤਾਂ ਉਸ ਦੀ ਕਾਲੇ ਰੰਗ ਦੀ ਸਕਾਰਪੀਓ ਗੱਡੀ ਪੀਬੀ 35ਏ ਕਿਊ 3335 ਅਚਾਨਕ ਇੱਕ ਟਰੱਕ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਨਿਤੀਸ਼ ਸ਼ਰਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਅਤੇ ਸਦਰ ਪੁਲਿਸ ਦੇ ਮੁਲਾਜ਼ਮ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਿਸ ਕਰਮਚਾਰੀਆਂ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਨੌਜਵਾਨ ਨੂੰ ਗੱਡੀ ਵਿੱਚੋਂ ਬਾਹਰ ਕੱਢ ਕੇ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਪਹੁੰਚਾਇਆ ਗਿਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਾਅਦ ਵਿੱਚ ਡਾਕਟਰਾਂ ਵੱਲੋਂ ਕਾਨੂੰਨੀ ਕਾਰਵਾਈ ਪੂਰੀ ਕਰਦੇ ਹੋਏ ਪੋਸਟਮਾਰਟਮ ਕਰਕੇ ਮ੍ਰਿਤਕ ਦੀ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।
ਇਲਾਕਾ ਵਾਸੀਆਂ ਨੇ ਦੱਸਿਆ ਕਿ ਸਰਨਾ ਅਤੇ ਮਲਕਪੁਰ ਵਿਚਲੇ ਸਰਵਿਸ ਰੋਡਾਂ ‘ਤੇ ਅਕਸਰ 24 ਘੰਟੇ ਟਰੱਕ ਖੜੇ ਰਹਿੰਦੇ ਹਨ ਅਤੇ ਇਥੇ ਹੀ ਟਰੱਕ ਡਰਾਈਵਰਾਂ ਵੱਲੋਂ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ ਕੀਤਾ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਖੜੇ ਟਰੱਕ ਅਕਸਰ ਸੜਕ ਹਾਦਸਿਆਂ ਦਾ ਵੱਡਾ ਕਾਰਨ ਬਣਦੇ ਹਨ ਅਤੇ ਇਸ ਸਬੰਧੀ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ।
ਸਥਾਨਕ ਲੋਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਸਰਵਿਸ ਰੋਡਾਂ ‘ਤੇ ਖੜੇ ਟਰੱਕਾਂ ਨੂੰ ਹਟਾਉਣ ਲਈ ਢੁਕਵੇਂ ਕਦਮ ਚੁੱਕੇ ਜਾਂਦੇ ਤਾਂ ਸ਼ਾਇਦ ਇਸ ਨੌਜਵਾਨ ਦੀ ਜਾਨ ਬਚ ਸਕਦੀ ਸੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਸੜਕ ਸੁਰੱਖਿਆ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਸਰਵਿਸ ਰੋਡਾਂ ‘ਤੇ ਗੈਰਕਾਨੂੰਨੀ ਤਰੀਕੇ ਨਾਲ ਖੜੇ ਟਰੱਕਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਦੁਖਦਾਈ ਹਾਦਸਿਆਂ ਤੋਂ ਬਚਿਆ ਜਾ ਸਕੇ। ਪੁਲਿਸ ਥਾਣਾ ਸਦਰ ਪਠਾਨਕੋਟ ਨੇ ਇਸ ਸਬੰਧ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।