ਰੋਲ ਆਬਜ਼ਰਵਰ ਰਾਖੀ ਗੁਪਤਾ ਭੰਡਾਰੀ ਨੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਰੋਲ ਆਬਜ਼ਰਵਰ ਰਾਖੀ ਗੁਪਤਾ ਭੰਡਾਰੀ ਨੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Publish Date: Mon, 12 Oct 2026 03:17 PM (IST)
Updated Date: Mon, 12 Oct 2026 03:17 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਨਟੈਸ਼ਿਵ ਰਵੀਜ਼ਨ (ਐੱਸਆਈਆਰ-2026) ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ, ਰੋਲ ਆਬਜ਼ਰਵਰ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਰਾਖੀ ਗੁਪਤਾ ਭੰਡਾਰੀ ਆਈਏਐੱਸ ਨੇ ਜ਼ਿਲੇ ਦਾ ਤੀਜਾ ਦੌਰਾ ਕਰਦਿਆਂ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ, ਸ੍ਰੀ ਹਰਗੋਬਿੰਦਪੁਰ ਵਿਖੇ ਮੀਟਿੰਗ ਕੀਤੀ ਅਤੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਖੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੋਟਰ ਸੂਚੀ ਸੁਧਾਈ ਦੇ ਸਮੁੱਚੇ ਕੰਮ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਸ਼ੁੱਧ ਅਤੇ ਅੱਪ-ਟੂ-ਡੇਟ ਰੱਖਿਆ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੌਜਵਾਨਾਂ ਅਤੇ ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਵੋਟਰ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਸੰਤੁਸ਼ਟੀ ਪ੍ਰਗਟਾਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ, ਅਦੀਬਾ ਅਨਾਮ ਅਸ਼ਫਾਕ ਅਹਿਮਦ ਆਈਏਐੱਸ, ਸਾਰੰਗਪ੍ਰੀਤ ਸਿੰਘ ਐੱਸਡੀਐੱਮ ਬਟਾਲਾ, ਲਛਮਣ ਸਿੰਘ ਐੱਸਡੀਐੱਮ ਡੇਰਾ ਬਾਬਾ ਨਾਨਕ, ਕੁਲਦੀਪ ਚੰਦ ਪੀਸੀਐੱਲਏਸੀ (ਜੀ) ਗੁਰਦਾਸਪੁਰ, ਖੁਸ਼ਬੀਰ ਕੌਰ ਐੱਸਪੀ ਹੈੱਡਕੁਆਰਟਰ ਬਟਾਲਾ, ਮਨਜਿੰਦਰ ਸਿੰਘ ਚੋਣ ਤਹਿਸੀਲਦਾਰ ਗੁਰਦਾਸਪੁਰ ਸਮੂਹ ਚੋਣ ਰਜਿਸਟਰੇਸ਼ਨ ਅਫ਼ਸਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਸ਼ਾਮਲ ਸਨ।