
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਕੌੜਾ ਪੱਤਣ 'ਤੇ ਪੁੱਲ ਦੇ ਨਿਰਮਾਣ ਲਈ 100 ਕਰੋੜ ਰੁਪਏ ਜਾਰੀ, ਪੁੱਲ ਬਣਾਉਣ ਲਈ ਟੈਂਡਰ ਲੱਗਾ- ਕੈਬਨਿਟ ਮੰਤਰੀ

- ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਬਾਬਾ ਗੁੱਜਾ ਪੀਰ ਛਿੰਝ ਮੇਲਾ ਵਰਸੋਲਾ ’ਚ ਕੀਤੀ ਸ਼ਿਰਕਤ
ਜੀਆਰਪੀ- ਕੈਬਨਿਟ ਮੰਤਰੀ ਹਰਭਜਨ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਰਮਨ ਬਹਿਲ ਅਤੇ ਹੋਰ।
ਜੀਆਰਪੀ- ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ।
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ ਯਤਨ ਕੀਤੇ ਗਏ ਹਨ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਬਾ ਗੁੱਜਾ ਪੀਰ ਛਿੰਝ ਮੇਲੇ ਵਰਸੋਲਾ ਵਿਖੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਅਤੇ ਵਾਈਸ ਚੇਅਰਮੈਨ ਮਨਦੀਪ ਸਿੰਘ ਗਿੱਲ ਸਮੇਤ ਪਿੰਡਾਂ ਦੇ ਬੱਚੇ ਸਰਪੰਚ ਤੇ ਲੋਕ ਵੱਡੀ ਗਿਣਤੀ ’ਚ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਆਪਣੇ ਅਖਤਿਆਰੀ ਫੰਡ ’ਚੋਂ 5 ਲੱਖ ਰੁਪਏ ਵਿਕਾਸ ਕੰਮਾਂ ਲਈ ਦੇਣ ਦਾ ਐਲਾਨ ਕੀਤਾ।
ਕੈਬਨਿਟ ਮੰਤਰੀ ਈਟੀਓ ਨੇ ਛਿੰਝ ਮੇਲਾ ਵਰਸੋਲਾ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੇਲੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਰਕਾਰ ਨੇ ਲੋਕਹਿੱਤ ’ਚ ਵੱਡੇ ਫ਼ੈਸਲੇ ਲਏ ਹਨ ਤੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਖੇਤਾਂ ਤੱਕ ਪੁੱਜਦਾ ਕੀਤਾ ਗਿਆ। 600 ਯੂਨਿਟ ਬਿਜਲੀ ਮੁਫ਼ਤ ਤੇ 90 ਫੀਸਦੀ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ 'ਤੇ ਹੈ। 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ' ਯੋਜਨਾ ਲਾਗੂ ਕੀਤੀ ਗਈ ਹੈ। 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ’ਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਚੱਲ ਰਿਹਾ ਹੈ ਤੇ ਮਕੌੜਾ ਪੱਤਣ 'ਤੇ ਪੁਲ਼ ਦੇ ਨਿਰਮਾਣ ਕਰਨ ਲਈ ਮੁੱਖ ਮੰਤਰੀ ਪੰਜਾਬ ਵੱਲੋਂ 100 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪੁਲ਼ ਦੇ ਨਿਰਮਾਣ ਲਈ ਟੈਂਡਰ ਲੱਗ ਗਿਆ ਹੈ। ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਵਿਸ਼ੇਸ ਉਪਰਾਲੇ ਕੀਤਾ ਜਾ ਰਹੇ ਹਨ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਹੀ ‘ਖੇਡਾਂ ਵਤਨ ਪੰਜਾਬ ਦੀਆਂ’ ਚੌਥਾ ਅਡੀਸ਼ਨ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਲਕਾ ਇੰਚਾਰਜ ਰਮਨ ਬਹਿਲ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦਾਸਪੁਰ ਹਲਕੇ ਅੰਦਰ ਬਿਜਲੀ, ਸੜਕਾਂ ਤੇ ਪੁਲ਼ ਦੇ ਨਿਰਮਾਣ ਲਈ ਹਮੇਸ਼ਾ ਦਿਲ ਖੋਲ ਕੇ ਕਾਰਜ ਕਰਵਾਏ ਹਨ, ਜਿਸ ਲਈ ਉਹ ਹਲਕਾ ਗੁਰਦਾਸਪੁਰ ਵੱਲੋਂ ਉਨ੍ਹਾਂ ਦੇ ਰਿਣੀ ਹਨ। ਉਨ੍ਹਾਂ ਪਿੰਡ ਵਰਸੋਲਾ ਦੀ ਪੰਚਾਇਤ ਤੇ ਕਲੱਬ ਦੀ ਪੂਰੀ ਟੀਮ ਨੂੰ ਛਿੰਝ ਮੇਲਾ ਸਫਲਤਾਪੂਰਵਕ ਕਰਵਾਉਣ ਦੀ ਮੁਬਾਰਕਬਾਦ ਦਿੱਤੀ।