- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਾਰ ਵਾਰ ਕਾਂਗਰਸ ਦੇ ਕੌਂਸਲਰ ਰਹਿ ਚੁੱਕੇ ਨਗਰ ਕੌਂਸਲ ਦੇ ਉਪ-ਪ੍ਰਧਾਨ ਸੰਜੀਵ ਕੁਮਾਰ ਬੰਟੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਦਲਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਗੁਰਦਾਸਪੁਰ ਦੀ ਸਥਾਨਕ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਨਗਰ ਕੌਂਸਲ ਦੇ ਮੌਜੂਦਾ ਉਪ ਪ੍ਰਧਾਨ ਸੰਜੀਵ ਕੁਮਾਰ ਬੰਟੂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਚਾਰ ਵਾਰ ਕਾਂਗਰਸ ਵੱਲੋਂ ਕੌਂਸਲਰ ਰਹਿ ਚੁੱਕੇ ਬੰਟੂ ਦਾ ਅਕਾਲੀ ਦਲ ਵਿੱਚ ਜਾਣਾ ਸ਼ਹਿਰ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੇ ਸੰਕੇਤ ਦੇ ਰਿਹਾ ਹੈ। ਇਸ ਘਟਨਾਕ੍ਰਮ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਗੁਰਦਾਸਪੁਰ ਵਿੱਚ ਅਕਾਲੀ ਦਲ ਦੀ ਸੰਗਠਨਾਤਮਕ ਮਜ਼ਬੂਤੀ ਅਤੇ ਹੋਰ ਦਲਾਂ ਦੇ ਆਗੂਆਂ ਨੂੰ ਆਪਣੇ ਨਾਲ ਜੋੜਨ ਦੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੰਜੀਵ ਕੁਮਾਰ ਬੰਟੂ ਨੇ ਕਿਹਾ ਕਿ ਉਹ ਚਾਰ ਵਾਰ ਕਾਂਗਰਸ ਵੱਲੋਂ ਕੌਂਸਲਰ ਰਹਿ ਚੁੱਕੇ ਹਨ, ਪਰ ਉਨ੍ਹਾਂ ਨੂੰ ਪਾਰਟੀ ਵਿੱਚ ਉਚਿਤ ਮਾਣ-ਸਤਿਕਾਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕੰਮਾਂ ਤੋਂ ਕਾਫ਼ੀ ਪ੍ਰਭਾਵਿਤ ਹਨ। ਖ਼ਾਸਕਰ ਹੜ੍ਹ ਦੇ ਦੌਰਾਨ ਸੁਖਬੀਰ ਬਾਦਲ ਵੱਲੋਂ ਕੀਤੇ ਕੰਮਾਂ ਅਤੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਸਾਮਾਨ ਪਹੁੰਚਾਉਣ ਦੇ ਯਤਨਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ। ਬੰਟੂ ਅਨੁਸਾਰ, ਉਸੇ ਸਮੇਂ ਉਨ੍ਹਾਂ ਤੈਅ ਕਰ ਲਿਆ ਸੀ ਕਿ ਮੌਕਾ ਮਿਲਣ ’ਤੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਬੰਟੂ ਨੇ ਕਿਹਾ ਕਿ ਕਾਂਗਰਸ ਵਿੱਚ ਉਨ੍ਹਾਂ ਨੂੰ ਸਿਰਫ਼ ਨਾਮ ਦਾ ਉਪ ਪ੍ਰਧਾਨ ਬਣਾ ਕੇ ਰੱਖਿਆ ਗਿਆ ਸੀ। ਪਿਛਲੇ ਚਾਰ ਮਹੀਨਿਆਂ ਤੋਂ ਉਹ ਨਗਰ ਕੌਂਸਲ ਦਫ਼ਤਰ ਵੀ ਨਹੀਂ ਜਾ ਰਹੇ ਸਨ, ਕਿਉਂਕਿ ਉਨ੍ਹਾਂ ਨੂੰ ਉੱਥੇ ਉਚਿਤ ਸਤਿਕਾਰ ਅਤੇ ਭੂਮਿਕਾ ਨਹੀਂ ਮਿਲ ਰਹੀ ਸੀ। ਇਨ੍ਹਾਂ ਹਾਲਾਤਾਂ ਦੇ ਚੱਲਦਿਆਂ ਉਨ੍ਹਾਂ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਬੰਟੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆਏ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਬੰਟੂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਬੱਬੇਹਾਲੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਕਈ ਮੌਜੂਦਾ ਤੇ ਸਾਬਕਾ ਕੌਂਸਲਰ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ।