ਐੱਸਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਕਿਸਾਨ ਮੇਲੇ ’ਚ ਸ਼ਿਰਕਤ ਐੱਸਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤੀ ਕਿਸਾਨ ਮੇਲੇ ਵਿੱਚ ਸ਼ਿਰਕਤ
Publish Date: Wed, 04 Nov 2026 03:54 PM (IST)
Updated Date: Wed, 04 Nov 2026 03:56 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਪੰਡਿਤ ਮੋਹਨ ਲਾਲ ਐੱਸਡੀ ਕਾਲਜ ਫਾਰ ਵੂਮੇਨ ਗੁਰਦਾਸਪੁਰ ਦੇ ਈਕੋ ਕਲੱਬ ਅਤੇ ਬੌਟਨੀ ਵਿਭਾਗ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸੈਲੀਬ੍ਰੇਸ਼ਨ ਸੈੱਲ ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ ), ਗੁਰਦਾਸਪੁਰ ਵਿਖੇ ਲਗਾਏ ਗਏ ਕਿਸਾਨ ਮੇਲੇ ਦਾ ਵਿਦਿਅਕ ਦੌਰਾ ਕਾਲਜ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਇਸ ਦੌਰੇ ਵਿੱਚ ਕੁੱਲ 14 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਪ੍ਰਿੰਸੀਪਲ ਨੇ ਇਸ ਦੌਰੇ ਦਾ ਮੁੱਖ ਉਦੇਸ਼ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਖੇਤੀਬਾੜੀ ਅਤੇ ਪੌਦਿਆਂ ਨਾਲ ਸਬੰਧਤ ਵਿਹਾਰਕ ਗਿਆਨ ਵਿੱਚ ਵਾਧਾ ਕਰਨਾ ਅਤੇ ਉਨ੍ਹਾਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ ਅਤੇ ਤਕਨੀਕੀ ਵਿਕਾਸ ਤੋਂ ਜਾਣੂ ਕਰਵਾਉਣਾ ਸੀ। ਕਿਸਾਨ ਮੇਲੇ ਵਿੱਚ ਆਧੁਨਿਕ ਖੇਤੀਬਾੜੀ ਤਕਨੀਕਾਂ, ਹਾਈਬ੍ਰਿਡ ਪੌਦਿਆਂ ਦੀਆਂ ਕਿਸਮਾਂ, ਸੁਧਰੀਆਂ ਫ਼ਸਲਾਂ ਦੀਆਂ ਕਿਸਮਾਂ, ਨਵੀਆਂ ਖੋਜਾਂ, ਘਰੇਲੂ ਤੌਰ ਤੇ ਤਿਆਰ ਕੀਤੇ ਉਤਪਾਦਾਂ, ਖੇਤੀਬਾੜੀ ਨਾਲ ਸਬੰਧਤ ਵਸਤਾਂ ਅਤੇ ਟਿਕਾਊ ਖੇਤੀਬਾੜੀ ਦੇ ਤਰੀਕਿਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਪ੍ਰਦਰਸ਼ਕਾਂ ਨਾਲ ਗੱਲਬਾਤ ਕਰਕੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰੇ ਰਾਹੀਂ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਖੇਤਰ ਵਿੱਚ ਹੋ ਰਹੀਆਂ ਨਵੀਆਂ ਤਬਦੀਲੀਆਂ, ਆਧੁਨਿਕ ਤਕਨੀਕਾਂ ਅਤੇ ਵਾਤਾਵਰਣ-ਅਨੁਕੂਲ ਖੇਤੀ ਪ੍ਰਣਾਲੀਆਂ ਬਾਰੇ ਮਹੱਤਵਪੂਰਨ ਵਿਹਾਰਕ ਜਾਣਕਾਰੀ ਪ੍ਰਾਪਤ ਹੋਈ। ਇਸ ਨਾਲ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਟਿਕਾਊ ਖੇਤੀਬਾੜੀ ਪ੍ਰਤੀ ਜਾਗਰੂਕਤਾ ਵੀ ਵਧੀ। ਅੰਤ ਵਿੱਚ ਉਨ੍ਹਾਂ ਨੇ ਇਸ ਵਿਦਿਅਕ ਦੌਰੇ ਨੂੰ ਸਫ਼ਲ ਬਣਾਉਣ ਲਈ ਈਕੋ ਕਲੱਬ ਦੇ ਇੰਚਾਰਜ ਮਿਸਿਜ਼ ਸਮਿਤਾ ਖਜੂਰੀਆ ਅਤੇ ਬੌਟਨੀ ਵਿਭਾਗ ਦੇ ਇੰਚਾਰਜ ਮੈਡਮ ਸੁਖਪ੍ਰੀਤ ਕੌਰ ਵੱਲੋਂ ਕੀਤੇ ਗਏ ਯਤਨਾਂ ਅਤੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ।