ਐੱਸਡੀਐੱਮ ਨੇ ਖੇਤਾਂ ’ਚ ਲੱਗੀ ਅੱਗ ਨੂੰ ਬੁਝਵਾਇਆ ਐੱਸਡੀਐੱਮ ਨੇ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਵਾਇਆ
Publish Date: Sat, 31 Oct 2026 06:09 PM (IST)
Updated Date: Sat, 31 Oct 2026 06:11 PM (IST)
ਸੁਖਦੇਵ ਸਿੰਘ/ਵਿਜੈ ਥਾਪਰ, ਪੰਜਾਬੀ ਜਾਗਰਣ ਬਟਾਲਾ : ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਭਾਗੋਵਾਲ ਅਤੇ ਚੰਨਣਕੇ ਵਿਖੇ ਖੇਤ ਵਿੱਚ ਲੱਗੀ ਅੱਗ ਨੂੰ ਮੌਕੇ ’ਤੇ ਬੁਝਵਾਇਆ ਗਿਆ। ਇਸ ਮੌਕੇ ਏਡੀਓ ਬਟਾਲਾ ਸਿਮਰਨਜੀਤ ਸਿੰਘ ਵੀ ਮੌਜੂਦ ਸਨ। ਐੱਸਡੀਐੱਮ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਬੇਲਰ, ਹੈਪੀ ਸੀਡਰ, ਸੁਪਰ ਸੀਡਰ ਅਤੇ ਹੋਰ ਉਪਲਬਧ ਖੇਤੀ ਮਸ਼ੀਨਰੀ ਰਾਹੀਂ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਤਰ ਕੀੜਿਆਂ ਨੂੰ ਨੁਕਸਾਨ ਪਹੁੰਚਦਾ ਹੈ। ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਹੈ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾਵੇਗਾ। ਕਿਸਾਨ ਵਾਤਾਵਰਨ ਅਤੇ ਜ਼ਮੀਨ ਦੀ ਸਿਹਤ ਦੀ ਰਾਖੀ ਲਈ ਸਹਿਯੋਗ ਦੇਣ ਅਤੇ ਪਰਾਲੀ ਪ੍ਰਬੰਧਨ ਦੇ ਸੁਚੱਜੇ ਤਰੀਕੇ ਅਪਣਾਉਣ।