- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ ਕੇਂਦਰ ਕਰਮਚਾਰੀ ਯੂਨੀਅਨ ਦੀ ਮੁੜ ਹੜਤਾਲ, ਸੇਵਾਵਾਂ ਠੱਪ, ਸੈਂਕੜੇ ਫਾਈਲਾਂ ਅਟਕੀਆਂ

--ਲੋਕਾਂ ਨੂੰ ਬਿਨਾਂ ਕੰਮ ਕਰਾਏ ਪਰਤਣਾ ਪਿਆ ਵਾਪਸ, ਸਮੇਂ ਸਿਰ ਤਨਖਾਹ, ਬਕਾਇਆ ਭੱਤੇ ਦੇਣ ਦੀ ਮੰਗ
ਆਕਾਸ਼, ਪੰਜਾਬੀ ਜਾਗਰਣ
ਗੁਰਦਾਸਪੁਰ: ਸੇਵਾ ਕੇਂਦਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਸੋਮਵਾਰ ਨੂੰ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜ਼ਿਲ੍ਹੇ ਭਰ ਦੇ ਸਾਰੇ ਸੇਵਾ ਕੇਂਦਰ ਬੰਦ ਰਹੇ। ਸੇਵਾ ਕੇਂਦਰ ਬੰਦ ਹੋਣ ਕਾਰਨ ਸਰਕਾਰੀ ਸੇਵਾਵਾਂ ਦਾ ਲਾਭ ਲੈਣ ਲਈ ਪਹੁੰਚੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਨਮ ਸਰਟੀਫਿਕੇਟ, ਆਧਾਰ ਕਾਰਡ ਸਮੇਤ ਕਈ ਹੋਰ ਦਸਤਾਵੇਜ਼ਾਂ ਦੇ ਕੰਮ ਨਹੀਂ ਹੋ ਸਕੇ, ਜਿਸ ਕਾਰਨ ਲੋਕਾਂ ਨੂੰ ਬਿਨਾਂ ਕੰਮ ਕਰਾਏ ਵਾਪਸ ਪਰਤਣਾ ਪਿਆ।
ਯੂਨੀਅਨ ਵੱਲੋਂ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਾ ਮਿਲਣ, ਬਕਾਇਆ ਯਾਤਰਾ ਭੱਤਿਆਂ ਦਾ ਭੁਗਤਾਨ ਨਾ ਹੋਣ ਅਤੇ ਤਨਖਾਹ ਵਿੱਚ ਮਨਮਾਨੀ ਕਟੌਤੀ ਕੀਤੇ ਜਾਣ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਰੋਸ ਜਤਾਇਆ ਗਿਆ। ਕਰਮਚਾਰੀਆਂ ਨੇ ਸੰਬੰਧਿਤ ਕੰਪਨੀ ਅਤੇ ਪ੍ਰਬੰਧਨ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦੀ ਹੱਲ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਤਨਖਾਹ ਅਤੇ ਭੱਤਿਆਂ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਸਥਿਤੀ 'ਤੇ ਮਾੜਾ ਅਸਰ ਪੈ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਨਵਨੀਤ ਡੋਗਰਾ ਨੇ ਦੱਸਿਆ ਕਿ ਸੁਰੱਖਿਆ ਗਾਰਡਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ ਹੈ। ਕੰਪਨੀ ਵੱਲੋਂ ਇੱਕ ਮਹੀਨੇ ਦੀ ਤਨਖਾਹ ਰੋਕ ਕੇ ਰੱਖਣ ਦੇ ਨਾਲ-ਨਾਲ ਸਤੰਬਰ ਮਹੀਨੇ ਦੀ ਤਨਖਾਹ ਵੀ ਬਕਾਇਆ ਹੈ। ਇਸ ਕਾਰਨ ਕਰਮਚਾਰੀਆਂ ਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡੀਐੱਸਡੀ ਆਪਰੇਟਰਾਂ ਦਾ ਚਾਰ ਮਹੀਨੇ ਅਤੇ ਐੱਲਆਰਓ ਆਪਰੇਟਰਾਂ ਦਾ ਛੇ ਮਹੀਨੇ ਦਾ ਯਾਤਰਾ ਭੱਤਾ ਬਕਾਇਆ ਹੈ। ਇਸ ਤੋਂ ਇਲਾਵਾ ਤਨਖਾਹ ਵਿੱਚ ਕੀਤੀ ਜਾ ਰਹੀ ਕਟੌਤੀ ਨੂੰ ਵੀ ਮੁੱਦਾ ਬਣਾਇਆ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਰਹਿੰਦੇ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਦਾ ਪੁਤਲਾ ਵੀ ਫੂਕਿਆ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੰਮੇ ਸਮੇਂ ਤੋਂ ਅਣਸੁਣਿਆ ਕੀਤਾ ਜਾ ਰਿਹਾ ਹੈ। ਤਨਖਾਹ ਅਤੇ ਭੱਤਿਆਂ ਵਿੱਚ ਹੋ ਰਹੀ ਦੇਰੀ ਨਾਲ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਂਦੀਆਂ, ਤੱਦ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਸੇਵਾ ਕੇਂਦਰਾਂ ਦੇ ਬੰਦ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਵੇਰ ਤੋਂ ਹੀ ਕਈ ਲੋਕ ਸਰਟੀਫਿਕੇਟ ਬਣਵਾਉਣ, ਦਸਤਾਵੇਜ਼ਾਂ ਵਿੱਚ ਸੁਧਾਰ ਕਰਾਉਣ, ਆਧਾਰ ਕਾਰਡ ਨਾਲ ਜੁੜੇ ਕੰਮ ਕਰਾਉਣ ਅਤੇ ਹੋਰ ਸਰਕਾਰੀ ਸੇਵਾਵਾਂ ਲਈ ਸੇਵਾ ਕੇਂਦਰਾਂ 'ਤੇ ਪਹੁੰਚੇ ਪਰ ਸੇਵਾ ਕੇਂਦਰ ਬੰਦ ਮਿਲਣ 'ਤੇ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਜ਼ਰੂਰੀ ਦਸਤਾਵੇਜ਼ ਚਾਹੀਦੇ ਸਨ ਪਰ ਹੜਤਾਲ ਕਾਰਨ ਉਨ੍ਹਾਂ ਦਾ ਕੰਮ ਰੁਕ ਗਿਆ। ਵਿਦਿਆਰਥੀਆਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਵਿਸ਼ੇਸ਼ ਰੂਪ ਨਾਲ ਪਰੇਸ਼ਾਨੀ ਉਠਾਉਣੀ ਪਈ।