- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਬੱਬੇਹਾਲੀ ਅਤੇ ਲੰਗਾਹ ਧੜਿਆਂ ਨੇ ਕੀਤਾ ਵੱਖੋ-ਵੱਖ ਪ੍ਰਦਰਸ਼ਨ

ਆਕਾਸ਼,ਪੰਜਾਬੀ ਜਾਗਰਣ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੇ ਵਿਰੋਧ ਵਿੱਚ ਡੀਸੀ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਖਾਸ ਗੱਲ ਇਹ ਰਹੀ ਕਿ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਅਤੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਾਲੇ ਧੜਿਆਂ ਨੇ ਵੱਖ-ਵੱਖ ਰੂਪ ਵਿੱਚ ਇਹ ਪ੍ਰਦਰਸ਼ਨ ਕੀਤਾ। ਇਸ ਉਪਰੰਤ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਮੰਗ ਕੀਤੀ ਗਈ ਕਿ ਆਤਿਸ਼ੀ ਵਿਰੁੱਧ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਇਸ ਤੋਂ ਪਹਿਲਾਂ ਵਰਕਰ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋਏ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਖਿਲਾਫ ਨਾਅਰੇਬਾਜ਼ੀ ਕੀਤੀ।
ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ ਅਤੇ ਸਿੱਖ ਭਾਈਚਾਰਾ ਇਸਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿੱਚ ਆਪਣੀ ਜਾਨ ਕੁਰਬਾਨ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ’ਤੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਆਤਿਸ਼ੀ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਾਹੌਲ ਖਰਾਬ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਅਤੇ ਕਾਂਗਰਸ ਨੂੰ ਇਸ ਸਮੇਂ ਸੁਖਬੀਰ ਸਿੰਘ ਬਾਦਲ ਤੋਂ ਸਭ ਤੋਂ ਵੱਧ ਖ਼ਤਰਾ ਹੈ ਜਿਨ੍ਹਾਂ ਨੇ ਲਗਾਤਾਰ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਰਾਜਨੀਤਿਕ ਗ੍ਰਾਫ ਲਗਾਤਾਰ ਡਿੱਗ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਦਿੱਲੀ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਪੰਜਾਬ ਵਿੱਚ ਉਨ੍ਹਾਂ ਦੀ ਹਾਰ ਲੱਗਭੱਗ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀਆਂ ਨੀਤੀਆਂ ਤੋਂ ਨਾਖੁਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਵਾਲੀ ਆਤਿਸ਼ੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰੂ ਸਾਹਿਬਾਨ ਵਿਰੁੱਧ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਨਾ ਕਰ ਸਕੇ।
ਵੱਖਰੇ ਤੌਰ ਤੇ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਬਾਹਰ ਆ ਗਈ ਹੈ। ਇਸ ਦੀ ਨੇਤਾ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਜੋ ਸ਼ਬਦਾਵਲੀ ਵਰਤੀ ਗਈ ਹੈ ਉਹ ਬੇਹੱਦ ਘਿਨਾਉਣੀ ਹੈ। ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਅਜਿਹੀ ਸੋਚ ਨਾਲ ਆਪ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਆਪ ਦੀ ਤਰ੍ਹਾਂ ਕਾਂਗਰਸ ਵੀ ਸਿੱਖਾਂ ਦੇ ਵਿਰੁੱਧ ਸੋਚ ਰੱਖਦੀ ਹੈ। ਭਾਜਪਾ ਵੀ ਹੁਣ ਵੱਖਰੇ ਰਾਹ ਤੁਰੀ ਹੈ। ਇਹ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨਾ ਚਾਹੁੰਦੀਆਂ ਹਨ ਪਰ ਇੰਨਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣਗੇ।