- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਜਿੰਦਰ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸੁਖਮਨੀ ਸਾਹਿਬ, ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਕੀਤੇ।
ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸ਼ਬਦ ਗਾਇਨ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਤੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ। ਸਮਾਗਮ ਦੌਰਾਨ ਗੁਰੂ ਸਾਹਿਬ ਦੇ ਸਰਬੱਤ ਦੇ ਭਲੇ, ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਵਿਸ਼ੇਸ਼ ਤੌਰ 'ਤੇ ਯਾਦ ਕੀਤਾ ਗਿਆ। ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਇੱਕ ਅਮੁੱਲ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜ ’ਚ ਫੈਲੀਆਂ ਬੁਰਾਈਆਂ, ਭੇਦਭਾਵ ਅਤੇ ਅੰਧਵਿਸ਼ਵਾਸਾਂ ਨੂੰ ਦੂਰ ਕਰਕੇ ਸੱਚਾਈ, ਸਮਾਨਤਾ, ਪਿਆਰ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਦੂਜਿਆਂ ਪ੍ਰਤੀ ਸਤਿਕਾਰ ਤੇ ਸੇਵਾ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਗਿੱਲ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਗਿਆਨਵਾਨ ਬਣਾਉਣ ਦੇ ਨਾਲ-ਨਾਲ ਚੰਗੇ ਇਨਸਾਨ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਨਿਮਰਤਾ, ਸੱਚਾਈ, ਮਿਹਨਤ, ਸੇਵਾ ਅਤੇ ਆਪਸੀ ਸਦਭਾਵਨਾ ਦਾ ਮਾਰਗ ਦਿਖਾਉਂਦੀਆਂ ਹਨ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾਦਾਇਕ ਹਨ ਅਤੇ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਦੇ ਮਨਾਂ ਵਿੱਚ ਸੇਵਾ, ਸਦਭਾਵਨਾ, ਸਮਾਨਤਾ ਅਤੇ ਮਨੁੱਖਤਾ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ।