- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁੱਡਵਿਲ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਬੁੱਕ ਰੀਡਰਜ਼ ਕਲੱਬ ਵੱਲੋਂ ਬਾਲ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਕਲੱਬ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ’ਚ ਦੱਸਿਆ ਕਿ 14 ਨਵੰਬਰ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਉਨ੍ਹਾਂ ਦਾ ਸਨਮਾਨ ਕਰਨ ਲਈ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਪੰ. ਨਹਿਰੂ ਨੂੰ ਬੱਚਿਆਂ ਨਾਲ ਬਹੁਤ ਪਿਆਰ ਸੀ, ਜਿਸ ਕਰ ਕੇ ਬੱਚੇ ਉਨ੍ਹਾਂ ਨੂੰ ਚਾਚਾ ਨਹਿਰੂ ਵਜੋਂ ਬੁਲਾਉਂਦੇ ਸਨ ਤੇ ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਮੰਨਦੇ ਸਨ। ਇਸ ਮੌਕੇ ਰਮਨਪ੍ਰੀਤ ਕੌਰ ਕਲਾਸ 9ਵੀਂ ਵੱਲੋਂ ਬਾਲ ਦਿਵਸ ਮੌਕੇ ਭਾਸ਼ਣ ਪੇਸ਼ ਕੀਤਾ ਗਿਆ। ਜਦਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਹਰਸਿਮਰਨਪ੍ਰੀਤ ਕੌਰ ਅਤੇ ਛੇਵੀਂ ਜਮਾਤ ਦੀ ਲਵਲੀਨ ਨੇ ਆਪਣੀਆਂ ਕਵਿਤਾਵਾਂ ਰਾਹੀਂ ਬਾਲ ਦਿਵਸ ਦੀ ਮਹੱਤਤਾ, ਬਚਪਨ ਦੀ ਖੁਸ਼ੀ ਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਚਾਨਣਾ ਪਾਇਆ। ਪ੍ਰਿੰਸੀਪਲ ਕੰਵਲ ਕਿਸ਼ੋਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦਿਆਂ ਪੰ. ਨਹਿਰੂ ਦੇ ਸੁਪਨੇ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਸਿੱਖਿਆ ਹਾਸਲ ਕਰਨ ’ਤੇ ਜ਼ੋਰ ਦਿੱਤਾ। ਜਦਕਿ ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਨੇ ਸਾਰਿਆਂ ਵਿਦਿਆਰਥੀਆਂ ਨੂੰ ਇਸ ਦਿਨ ਦੀ ਵਧਾਈ ਦਿੰਦਿਆਂ ਪੇਸ਼ ਕੀਤੀਆਂ ਕਵਿਤਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਵਰਗ ਹਾਜ਼ਰ ਸੀ।