- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਂਟ ਥੋਮਸ ਸਕੂਲ ਵਿਖੇ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਸਤਕੋਟ ਸਥਿਤ ਸੇਂਟ ਥੋਮਸ ਹਾਈ ਸਕੂਲ ਵਿਖੇ ਸਕੂਲ ਮੈਨੇਜਰ ਫਾਦਰ ਬੀਨੂ ਏਐੱਮ ਅਤੇ ਪ੍ਰਿੰਸੀਪਲ ਸਿਸਟਰ ਸਾਗੁਨਾ ਦੀ ਦੇਖ-ਰੇਖ ਹੇਠ ਖੇਡ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਫਾਦਰ ਬਾਲਰਮਾਈਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬਾਸਕਟਬਾਲ, ਦੌੜ, ਵਾਲੀਬਾਲ, ਖੋ-ਖੋ ਆਦਿ ਵੱਖ-ਵੱਖ ਖੇਡਾਂ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਵੱਲੋਂ ਫਾਦਰ ਬੀਨੂ ਅਤੇ ਸਕੂਲ ਦੇ ਪ੍ਰਿੰਸੀਪਲ ਸਿਸਟਰ ਸਾਗੁਨਾ ਨੇ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਹ ਖੇਡ ਦਿਵਸ ਵਿਦਿਆਰਥੀਆਂ ਲਈ ਉਤਸ਼ਾਹ, ਅਨੁਸ਼ਾਸਨ, ਟੀਮ ਭਾਵਨਾ ਅਤੇ ਖੇਡ ਭਾਵਨਾ ਦਾ ਸੁਨੇਹਾ ਦੇਣ ਵਾਲਾ ਯਾਦਗਾਰੀ ਸਮਾਗਮ ਬਣਿਆ। ਇਸ ਮੌਕੇ ’ਤੇ ਫਾਦਰ ਬਾਲਰਮਾਈਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜੀਵਨ ਵਿੱਚ ਬਹੁਤ ਜ਼ਰੂਰੀ ਹਨ। ਖੇਡਾਂ ਨਾਲ ਜਿੱਥੇ ਸਰੀਰ ਦੀ ਤੰਦਰੁਸਤੀ ਵਧਦੀ ਹੈ, ਉੱਥੇ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣੇ ਦੇਸ਼ ਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ ਜਾ ਸਕਦਾ ਹੈ। ਇਸ ਮੌਕੇ 'ਤੇ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਰੁਚੀ ਰੱਖਣ। ਇਸ ਮੌਕੇ ’ਤੇ ਸਕੂਲ ਦੇ ਡੀਪੀ ਲਖਵਿੰਦਰ ਸਿੰਘ ਤੋਂ ਇਲਾਵਾ ਸਮੂਹ ਸਟਾਫ ਵੀ ਮੌਜੂਦ ਸਨ।