- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੌਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਲੌਰੈਂਸ ਇੰਟਰਨੈਸ਼ਨਲ ਸਕੂਲ,ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਮੈਨੇਜਮੈਂਟ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ "ਕਿਰਤ ਕਰੋ, ਨਾਮ ਜਪੋ, ਵੰਡ ਛਕੋ" ਦੇ ਫ਼ਲਸਫ਼ੇ 'ਤੇ ਚਾਨਣਾ ਪਾਇਆ। ਚੇਅਰਮੈਨ ਬਲਜਿੰਦਰ ਸਿੰਘ ਬੈਂਸ ਨੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਇਲਾਕਾ ਨਿਵਾਸੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਸੱਚ, ਇਮਾਨਦਾਰੀ ਤੇ ਮਨੁੱਖਤਾ ਦੀ ਸੇਵਾ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ। ਇਹ ਸਾਰਾ ਸਮਾਗਮ ਪ੍ਰਿੰਸੀਪਲ ਡਾਕਟਰ ਉਪਮਾ ਮਹਾਜਨ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਵੱਲੋਂ ਸਮੂਹ ਸਕੂਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ-ਲੱਖ ਮੁਬਾਰਕਾਂ ਦਿੱਤੀਆਂ ਗਈਆਂ। ਸਮਾਗਮ ਵਿੱਚ ਅਰਦਾਸ ਬੇਨਤੀ ਤੋਂ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ਼ ਸਮੂਹ ਸਕੂਲ ਵਿੱਚ ਵਰਤਾਈ ਗਈ। ਸਮਾਗਮ ਦੇ ਅੰਤ ਵਿੱਚ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮਲਿਆਂਵਾਲ, ਡਾਇਰੈਕਟਰ ਡਾ:ਗੁਰਿੰਦਰ ਕੌਰ ਮਾਨ ,ਪ੍ਰਿੰਸੀਪਲ ਡਾ: ਉਪਮਾ ਮਹਾਜਨ, ਸਮੂਹ ਅਧਿਆਪਕ ਵਰਗ ਅਤੇ ਸਮੂਹ ਵਿਦਿਆਰਥੀ ਵਰਗ ਵੱਲੋਂ ਗੁਰੂ ਸਾਹਿਬ ਜੀ ਦੇ ਅੱਗੇ ਨਤਮਸਤਕ ਹੋ ਕੇ ਉਹਨਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।