ਐੱਸਐੱਸਪੀ ਤੇ ਏਡੀਸੀ ਢਿੱਲੋਂ ਵੱਲੋਂ ਡਰੱਗ ਹੌਟਸਪੋਟ ਇਲਾਕਿਆਂ ਦਾ ਦੌਰਾ ਐੱਸਐੱਸਪੀ ਅਦਿਤਿਆ ਅਤੇ ਏਡੀਸੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਡਰੱਗ ਹੌਟਸਪੋਟ ਇਲਾਕਿਆਂ ਦਾ ਦੌਰਾ
Publish Date: Sat, 17 Oct 2026 05:33 PM (IST)
Updated Date: Sun, 18 Oct 2026 04:03 AM (IST)
--ਐੱਸਐੱਸਪੀ ਅਦਿੱਤਿਆ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿਚ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸਐੱਸਪੀ ਗੁਰਦਾਸਪੁਰ ਅਦਿਤਿਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਗੁਰਦਾਸਪੁਰ ਦੇ ਇਸਲਾਮਾਬਾਦ ਮੁਹੱਲੇ ਦੇ ਸ਼ਮਸ਼ਾਨਘਾਟ ਅਤੇ ਪਿੰਡ ਬੱਬੇਹਾਲੀ ਸਮੇਤ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਦਾ ਸਾਂਝਾ ਦੌਰਾ ਕੀਤਾ ਗਿਆ। ਇਸ ਮੌਕੇ ਐੱਸਪੀ ਹੈੱਡਕੁਆਰਟਰ ਮਨਿੰਦਰ ਪਾਲ ਸਿੰਘ ਅਤੇ ਡੀਐੱਸਪੀ ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ। ਦੌਰੇ ਦੌਰਾਨ ਐੱਸਐੱਸਪੀ ਅਦਿੱਤਿਆ ਨੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੁਲਿਸ ਦੇ ਨਾਲ-ਨਾਲ ਆਮ ਲੋਕਾਂ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਸੰਵੇਦਨਸ਼ੀਲ ਹੌਟਸਪੌਟ ਇਲਾਕਿਆਂ ਵਿੱਚ ਸਥਿਤੀ ਨੂੰ ਬਿਹਤਰ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਇਲਾਕਿਆਂ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ, ਸਟਰੀਟ ਲਾਈਟਾਂ ਲਗਾਉਣ, ਪਾਰਕਾਂ ਅਤੇ ਓਪਨ ਜਿਮ ਦੀ ਸਹੂਲਤ ਵਿਕਸਿਤ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਸੀਸੀਟੀਵੀ ਕੈਮਰੇ ਲਗਾਉਣ ਵਰਗੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇਗਾ। ਇਸ ਦਾ ਮਕਸਦ ਇਲਾਕਿਆਂ ਵਿੱਚ ਸੁਰੱਖਿਅਤ ਮਾਹੌਲ ਸਿਰਜਣਾ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਇਸ ਮੌਕੇ ਵਧੀਕ ਡਿਪਟ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਪਿੰਡ ਬੱਬੇਹਾਲੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਸਾਂਝੇ ਉਪਰਾਲਿਆਂ ਦਾ ਮੁੱਖ ਉਦੇਸ਼ ਸੰਵੇਦਨਸ਼ੀਲ ਇਲਾਕਿਆਂ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ, ਨਸ਼ਿਆਂ ਵਿਰੁੱਧ ਲੋਕ ਲਹਿਰ ਨੂੰ ਮਜ਼ਬੂਤ ਕਰਨਾ ਅਤੇ ਜ਼ਿਲ੍ਹਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।