ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਸ਼ਰਾਫਾ ਬਾਜ਼ਾਰ ਦੀ ਖੁਦ ਕੀਤੀ ਚੈਕਿੰਗ
ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਸ਼ਰਾਫਾ ਬਾਜ਼ਾਰ ਦੀ ਖੁਦ ਕੀਤੀ ਚੈਕਿੰਗ
Publish Date: Thu, 05 Feb 2026 04:18 PM (IST)
Updated Date: Thu, 05 Feb 2026 04:20 PM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਬਟਾਲਾ ਦੇ ਲੋਕਾਂ ਨੂੰ ਸੁਰੱਖਿਅਤ ਪੁਲਿਸ ਪ੍ਰਸ਼ਾਸਨ ਦੇਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਠਲ ਪਾਉਣ ਲਈ ਬਟਾਲਾ ਦੇ ਐੱਸਐੱਸਪੀ ਡਾ. ਮਹਿਤਾਬ ਸਿੰਘ ਵੱਲੋਂ ਬੀਤੀ ਦੇਰ ਸ਼ਾਮ ਬਟਾਲਾ ਦੇ ਸ਼ਰਾਫਾ ਬਾਜ਼ਾਰ (ਚਕਰੀ ਬਾਜ਼ਾਰ ) ਅਤੇ ਹੋਰ ਥਾਵਾਂ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਤੋਂ ਇਲਾਵਾ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਬੀਤੀ ਦੇਰ ਰਾਤ ਵੱਖ-ਵੱਖ ਪੁਲਿਸ ਨਾਕਿਆਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀਆਂ ਡਿਊਟੀਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਜ਼ਰੂਰੀ ਜਰੂਰੀ ਹਦਾਇਤਾਂ ਦਿੱਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀਆਂ 'ਤੇ ਤਾਇਨਾਤ ਮੁਲਾਜ਼ਮਾਂ ਨੂੰ ਅਪਰਾਧ ਨੂੰ ਪੂਰੀ ਤਰ੍ਹਾਂ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਹਰ ਰੋਜ਼ ਇੱਕ ਐੱਸਪੀ ਦੀ ਅਗਵਾਈ ’ਚ ਛੇ ਡੀਐਸਪੀ ਅਤੇ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਸਮੇਤ 200 ਪੁਲਿਸ ਜਵਾਨ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਚੈਕਿੰਗ ਕਰ ਰਹੇ ਹਨ। ਐੱਸਐੱਸਪੀ ਨੇ ਦੱਸਿਆ ਕਿ ਬਟਾਲਾ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਪੁਲਿਸ ਸਵੇਰ ਸ਼ਾਮ ਅਜਿਹੀ ਗਤੀਵਿਧੀਆਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਨੂੰ ਰੋਕ ਕੇ ਜਾਂਚ ਕਰਨ ਦੇ ਵਿਸ਼ੇਸ਼ ਹੁਕਮ ਦਿੱਤੇ ਗਏ ਹਨ, ਜੇਕਰ ਕੁਝ ਵੀ ਸ਼ੱਕੀ ਪਾਇਆ ਜਾਂਦਾ ਹੈ, ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਪ੍ਰਸ਼ਾਸਨ ਸ਼ਹਿਰ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ। ਐਸਐਸਪੀ ਨੇ ਦੱਸਿਆ ਕਿ ਬਟਾਲਾ ਪੁਲਿਸ ਜ਼ਿਲ੍ਹੇ ਭਰ ਵਿੱਚ ਨਾਕੇਬੰਦੀਆਂ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹਰ ਰੋਜ਼ ਸ਼ਾਮ 5 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਵਿਸ਼ੇਸ਼ ਚੈਕਿੰਗ ਅਭਿਆਸ ਚਲਾਇਆ ਜਾ ਰਿਹਾ ਹੈ ।ਇਸ ਤਰ੍ਹਾਂ ਦੀ ਚੈਕਿੰਗ ਦੇ ਨਤੀਜੇ ਵਜੋਂ ਪੁਲਿਸ ਨੂੰ ਕਈ ਸਫਲਤਾਵਾਂ ਮਿਲੀਆਂ ਹਨ, ਅਤੇ ਜਨਤਾ ਉਨ੍ਹਾਂ ਦੀ ਪ੍ਰਸ਼ੰਸਾ ਕਰ ਰਹੀ ਹੈ। ਪੁਲਿਸ ਨੂੰ ਰੋਜ਼ਾਨਾ ਅਜਿਹੀਆਂ ਚੈਕਿੰਗਾਂ ਕਰਨ ਦੀ ਤਾਕੀਦ ਕੀਤੀ ਗਈ ਹੈ।