ਐੱਸਐੱਸਪੀ ਵੱਲੋਂ ਸਰਹੱਦੀ ਇਲਾਕੇ ਤੇ ਥਾਣਾ ਡੇਰਾ ਬਾਬਾ ਨਾਨਕ ਦਾ ਦੌਰਾ ਐੱਸਐੱਸਪੀ ਵੱਲੋਂ ਸਰਹੱਦੀ ਇਲਾਕੇ ਅਤੇ ਥਾਣਾ ਡੇਰਾ ਬਾਬਾ ਨਾਨਕ ਦਾ ਦੌਰਾ
Publish Date: Wed, 18 Nov 2026 05:51 PM (IST)
Updated Date: Thu, 19 Nov 2026 04:04 AM (IST)
ਫੋਟੋ: 18ਬੀਟੀਐਲ17 ਥਾਣਾ ਡੇਰਾ ਬਾਬਾ ਨਾਨਕ ਵਿਖੇ ਐੱਸਐੱਸਪੀ ਡਾ. ਸਿੰਘ ਦੀ ਪੁਲਿਸ ਮੁਲਾਜ਼ਮਾਂ ਨਾਲ ਮੀਟਿੰਗ ਕਰਦੇ ਹੋਏ। ਸਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸਰਹੱਦੀ ਖੇਤਰਾਂ ’ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮੌਜੂਦਾ ਸੁਰੱਖਿਆ ਚੁਣੌਤੀਆਂ ਦਾ ਜਾਇਜ਼ਾ ਲੈਣ ਦੇ ਮਕਸਦ ਨਾਲ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਵੱਲੋਂ ਸਰਹੱਦੀ ਇਲਾਕੇ ਤੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਇਲਾਕੇ ਦੀ ਮੌਜੂਦਾ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਰਿਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸਰਹੱਦੀ ਖੇਤਰ ਸੁਰੱਖਿਆ ਪੱਖੋਂ ਬੇਹੱਦ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਇੱਥੇ ਤਾਇਨਾਤ ਹਰੇਕ ਪੁਲਿਸ ਮੁਲਾਜ਼ਮ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਨਾਂ ਅਣਗਹਿਲੀ ਕੀਤਿਆਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਐੱਸਐੱਸਪੀ ਨੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਲਈ ਉਪਲਬਧ ਰਿਹਾਇਸ਼ੀ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਤੇ ਕਿਹਾ ਕਿ ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਪੁਲਿਸ ਅਤੇ ਬੀ.ਐੱਸ.ਐੱਫ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ ਤਾਂ ਦੋਵੇਂ ਸੁਰੱਖਿਆ ਏਜੰਸੀਆਂ ਆਪਸੀ ਸਹਿਯੋਗ ਤੇ ਚੌਕਸੀ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾ ਸਕਣ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਰ ਸਮੇਂ ਚੌਕਸ ਰਹਿਣ ਅਤੇ ਆਪਣੀ ਡਿਊਟੀ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਡੀਐੱਸਪੀ ਡੇਰਾ ਬਾਬਾ ਨਾਨਕ ਜੋਗਾ ਸਿੰਘ, ਐੱਸਐੱਚਓ ਡੇਰਾ ਬਾਬਾ ਨਾਨਕ ਅਸ਼ੋਕ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।