ਪਵਨ ਤੇ੍ਹਨ, ਬਟਾਲਾ : ਪੰਜਾਬ ਵਿਧਾਨ ਸਭਾ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਦਮ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਦੇ ਇਹ ਬਿੱਲ ਸੂਬੇ ਦੇ ਕਿਸਾਨਾਂ ਲਈ ਵੱਡੀ ਰਾਹਤ ਲੈ ਕੇ ਆਏ ਹਨ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਿੱਲਾਂ ਅਨੁਸਾਰ ਜੇ ਕੋਈ ਵਪਾਰੀ ਕਿਸਾਨ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੇਗਾ ਹੈ ਤਾਂ ਉਸਨੂੰ 3 ਸਾਲ ਕੈਦ ਹੋ ਸਕਦੀ ਹੈ। ਜੇਕਰ ਕੋਈ ਵਪਾਰੀ/ਕੰਪਨੀ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਠੇਕੇ ਦੀ ਖੇਤੀ ਕਰ ਲੈਂਦਾ ਹੈ ਤਾਂ ਇਸ ਲਈ ਉਸਨੂੰ 3 ਸਾਲਾਂ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਸਰਕਾਰ ਵਲੋਂ ਲਿਆਂਦੇ ਇਤਿਹਾਸਕ ਬਿੱਲਾਂ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਨ। ਵਿਧਾਇਕ ਲਾਡੀ ਨੇ ਅੱਗੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ, ਮਜ਼ਦੂਰ ਹਿਤੈਸ਼ੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਹਰ ਹਾਲ ਕਿਸਾਨਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਸੰਨ 2004 ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਤਿਹਾਸਕ ਤੇ ਵੱਡਾ ਫੈਸਲਾ ਲਿਆ ਸੀ ਉਸੇ ਤਰ੍ਹਾਂ ਇਕ ਵਾਰ ਫਿਰ ਕਿਸਾਨੀ ਨੂੰ ਬਚਾਉਣ ਲਈ ਉਨ੍ਹਾਂ ਵੱਲੋਂ ਵੱਡਾ ਕਦਮ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਬਿੱਲਾਂ ਤੋਂ ਪੂਰਾ ਕਿਾਸਨ ਵਰਗ ਖੁਸ਼ ਹੈ। ਵਿਧਾਇਕ ਲਾਡੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੂੰ ਪੰਜਾਬ ਸਰਕਾਰ ਕੋਲੋਂ ਸੇਧ ਲੈਣੀ ਚਾਹੀਦੀ ਹੈ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਨੀ ਚਾਹੀਦੀ ਹੈ।