ਪਵਨ ਤੇ੍ਹਨ, ਬਟਾਲਾ : ਪੰਜਾਬ ਸਰਕਾਰ ਨਗਰ ਘੁਮਾਣ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਪ੍ਰਰੋਜੈਕਟ ਤਹਿਤ ਘੁਮਾਣ ਦੀ 100 ਫੀਸਦੀ ਵਸੋਂ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਤੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘੁਮਾਣ ਨਗਰ 'ਚ ਸੀਵਰੇਜ ਦੇ ਪ੍ਰਰੋਜੈਕਟ ਉੱਪਰ 16.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘੁਮਾਣ ਦੀ 100 ਫੀਸਦੀ ਨੂੰ ਪੀਣ ਲਈ ਸਾਫ਼ ਤੇ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ 2.50 ਕਰੋੜ ਰੁਪਏ ਦੀ ਲਾਗਤ ਨਾਲ ਜਲ-ਸਪਲਾਈ ਦੇ ਪ੍ਰਰੋਜੈਕਟ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ 50 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਦੀ ਨਵੀਂ ਇਮਾਰਤ ਬਣਾਈ ਗਈ ਹੈ। ਇਸ ਤੋਂ ਇਲਾਵਾ 2.15 ਕਰੋੜ ਰੁਪਏ ਦੀ ਲਾਗਤ ਨਾਲ ਘੁਮਾਣ ਵਿਖੇ ਨਵੇਂ ਥਾਣੇ ਦੀ ਇਮਾਰਤ ਉਸਾਰੀ ਅਧੀਨ ਹੈ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਦੌਲਤ ਘੁਮਾਣ ਨਗਰ ਪੂਰੀ ਦੁਨੀਆਂ ਵਿਚ ਪੂਜਣ ਯੋਗ ਹੈ ਅਤੇ ਘੁਮਾਣ ਦੇ ਵਿਕਾਸ ਵਿਚ ਰਾਜ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਲਾਡੀ ਨੇ ਕਿਹਾ ਕਿ ਇਹ ਉਨ੍ਹਾਂ ਦਾ ਵੱਡਾ ਸੁਭਾਗ ਹੈ ਕਿ ਉਨ੍ਹਾਂ ਨੂੰ ਇਸ ਪਾਵਨ ਨਗਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਤੇ ਜਲ ਸਪਲਾਈ ਦੇ ਪ੍ਰਰੋਜੈਕਟ ਪੂਰੇ ਹੋਣ ਨਾਲ ਘੁਮਾਣ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ।