ਪਵਨ ਤੇ੍ਹਨ, ਬਟਾਲਾ : ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਯਤਨਾਂ ਸਦਕਾਂ ਉਮਰਪੁਰਾ ਸੜਕ ਦਾ ਨਿਰਮਾਣ ਛੇਤੀ ਸ਼ੁਰੂ ਹੋ ਰਿਹਾ ਹੈ। ਪਿਛਲੇ ਇਕ ਦਹਾਕੇ ਤੋਂ ਸੀਵਰੇਜ ਦਾ ਪਾਣੀ ਸੜਕ 'ਤੇ ਪੈਣ ਕਾਰਨ ਇਹ ਸੜਕ ਬੁਰੀ ਤਰ੍ਹਾਂ ਟੁੱਟੀ ਹੋਈ ਸੀ ਅਤੇ ਉਮਰਪੁਰਾ ਵਾਸੀਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਮਰਪੁਰਾ 'ਚ ਸੀਵਰੇਜ ਦੀ ਸਪਲਾਈ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਉਸ ਤੋਂ ਬਾਅਦ ਜਲਦ ਹੀ ਸੜਕ ਦਾ ਨਿਰਮਾਣ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਤਕ 26.38 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ 'ਤੇ 9.86 ਕਰੋੜ ਰੁਪਏ ਦੀ ਲਾਗਤ ਆਵੇਗੀ। ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਯਤਨਾਂ ਸਦਕਾ ਜਲਦ ਹੀ ਇਸ ਸੜਕ ਦਾ ਨਿਰਮਾਣ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਉਮਰਪੁਰਾ ਦੇ ਵਸਨੀਕਾਂ ਦੇ ਨਾਲ ਸਮੁੱਚੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ ਅਤੇ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਲਈ ਗ੍ਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 6 ਕਰੋੜ ਰੁਪਏ ਦਿੱਤੇ ਹਨ ਜਦਕਿ ਅਗਲੇ 15 ਦਿਨਾਂ 'ਚ ਉਨ੍ਹਾਂ ਵੱਲੋਂ 15 ਕਰੋੜ ਰੁਪਏ ਦੀ ਰਾਸ਼ੀ ਹੋਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਹੁਣ ਵਿਕਾਸ ਪੱਖੋਂ ਪਿੱਛੇ ਨਹੀਂ ਰਹੇਗਾ।