- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ : ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਪ੍ਰਾਪਤ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ਦਾ ਸੰਪਰਕ ਨੰਬਰ 98781-66525 ਹੈ। ਕੋਈ ਵੀ ਕਿਸਾਨ ਜਾਂ ਆਮ ਨਾਗਰਿਕ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਸਬੰਧੀ ਇਸ ਨੰਬਰ ’ਤੇ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਸ ਨੂੰ ਤੁਰੰਤ ਸਬੰਧਤ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਅਤੇ ਬਲਾਕ ਕੋਆਰਡੀਨੇਟਰ ਨੂੰ ਭੇਜਿਆ ਜਾਵੇਗਾ, ਤਾਂ ਜੋ ਮੌਕੇ ’ਤੇ ਜਲਦ ਤੋਂ ਜਲਦ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਤਰੀਕਿਆਂ ਨੂੰ ਅਪਣਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਦੀ ਸੰਭਾਲ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਵਿੱਚ ਮਦਦ ਮਿਲਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਕੰਟਰੋਲ ਰੂਮ ਨੂੰ ਦੇਣ ਦੀ ਅਪੀਲ ਕੀਤੀ ਹੈ।